
ਫਾਜ਼ਿਲਕਾ, 27 ਅਕਤੂਬਰ (ਹਿੰ.ਸ.)| ਕਿਸਾਨਾਂ ਦੀ ਖੇਤੀ ਲਾਗਤ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਫਾਜ਼ਿਲਕਾ ਵੱਲੋਂ ‘ਖੇਤ ਬਚਾਓ ਮੁਹਿੰਮ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਦੇ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਆਈ.ਸੀ.ਏ.ਆਰ.-ਸਿਫ਼ੇਟ, ਅਬੋਹਰ ਦੇ ਸਹਿਯੋਗ ਨਾਲ ਹਾੜ੍ਹੀ ਦੇ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੇ ਚਾਰ ਪਿੰਡਾਂ ਵਿੱਚ ਇਹ ਪ੍ਰੋਗਰਾਮ ਕਰਵਾਏ। ਇਨ੍ਹਾਂ ਰਾਹੀਂ 400 ਤੋਂ ਵੱਧ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਪਿੰਡ ਪੱਟੀ ਬਿੱਲਾ, ਵਰਿਆਮ ਖੇੜਾ, ਬੱਸੀਆਂ ਅਤੇ ਗੋਵਿੰਦਗੜ੍ਹ ਵਿੱਚ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ, ਸੰਤੁਲਿਤ ਖਾਦ ਪ੍ਰਬੰਧਨ, ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਅਤੇ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਮਾਹਿਰਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਅਤੇ ਬੇਲੋੜੀਆਂ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ।
ਕਿਸਾਨਾਂ ਨੂੰ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਵਰਗੇ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਸੰਤੁਲਿਤ ਮਾਤਰਾ ਵਿੱਚ ਵਰਤੋਂ ਕਰਨ ਦੇ ਨਾਲ-ਨਾਲ ਜੈਵਿਕ ਖਾਦਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਢੁੱਕਵਾਂ ਪ੍ਰਬੰਧਨ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਫ਼ਸਲਾਂ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਨਿਯਮਤ ਨਿਗਰਾਨੀ ਕਰਨ, ਏਕੀਕ੍ਰਿਤ ਕੀਟ ਪ੍ਰਬੰਧਨ ਤਕਨੀਕਾਂ ਅਪਣਾਉਣ ਅਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਢੰਗ ਨਾਲ ਵਰਤੋਂ ਕਰਨ ਲਈ ਕਿਹਾ ਗਿਆ। ਮਾਹਿਰਾਂ ਨੇ ਸਮਝਾਇਆ ਕਿ ਲੋੜ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਨਾਲ ਖੇਤੀ ਖਰਚੇ ਘਟਾਉਣ ਦੇ ਨਾਲ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਵੀ ਘਟਾਇਆ ਜਾ ਸਕਦਾ ਹੈ।
ਮੁਹਿੰਮ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਸੰਭਾਲ, ਕੁਦਰਤੀ ਖੇਤੀ, ਟਿਕਾਊ ਪੌਸ਼ਟਿਕ ਪ੍ਰਬੰਧਨ ਅਤੇ ਜਲਵਾਯੂ ਅਨੁਕੂਲ ਖੇਤੀ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦਾ ਉਦੇਸ਼ ਵਿਗਿਆਨਕ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਖੇਤੀ ਲਾਗਤਾਂ ਘਟਾਉਣਾ, ਕੁਦਰਤੀ ਸਰੋਤਾਂ ਦੀ ਰੱਖਿਆ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਲਿਆਉਣਾ ਹੈ। ਮੁਹਿੰਮ ਦਾ ਮੁੱਖ ਸੰਦੇਸ਼ ਸਿਹਤਮੰਦ ਮਿੱਟੀ, ਸੰਤੁਲਿਤ ਪੋਸ਼ਣ, ਖੁਸ਼ਹਾਲ ਕਿਸਾਨ ਅਤੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH