
ਪਟਿਆਲਾ, 27 ਅਕਤੂਬਰ (ਹਿੰ.ਸ.)| ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਅਤੇ ਚਾਂਦੀ ਦੇ ਤਮਗੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਟਿਆਲਾ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਮੋਹਾਲੀ ਦੀ ਟੀਮ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ।
ਇਸ ਤੋਂ ਇਲਾਵਾ ਪਟਿਆਲਾ ਦੀਆਂ ਖਿਡਾਰਨਾਂ ਨੇ ਅੰਡਰ-17 ਵਰਗ ਵਿੱਚ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ 31 ਤੋਂ 40 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਵੀ ਜ਼ਿਲ੍ਹੇ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤ ਕੇ ਆਪਣੀ ਖੇਡ ਦਾ ਲੋਹਾ ਮਨਵਾਇਆ।
ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰਨਾਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰਨਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਜੱਸਲ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH