
ਚੰਡੀਗੜ੍ਹ, 28 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੀ ਮੌਜੂਦ ਸਨ।
ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇਣਾ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਾ ਬਹੁਤ ਜ਼ਰੂਰੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਕਰਨ ਦਾ ਮੁੱਖ ਉਦੇਸ਼ ਵਿਭਾਗ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਆਰਥਿਕ ਸਥਿਰਤਾ ਪ੍ਰਦਾਨ ਕਰਨਾ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਦੌਰਾਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।
ਮੀਟਿੰਗ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਤੋਂ ਇਲਾਵਾ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਸ਼ਾਮਲ ਹੋਏ।
ਵਿੱਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਨੂੰ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH