
ਅੰਮ੍ਰਿਤਸਰ, 03 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਸ਼ਨੀਵਾਰ ਤੜਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਗੁਰੂ ਕੀ ਵਡਾਲੀ ਇਲਾਕੇ ਵਿੱਚ ਕੌਂਬਿੰਗ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਥਾਣਾ ਛੇਹਰਟਾ ਅਧੀਨ ਆਉਂਦੇ ਇਸ ਇਲਾਕੇ ਵਿੱਚ 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ।
ਸਵੇਰੇ ਸ਼ੁਰੂ ਹੋਇਆ ਇਹ ਆਪ੍ਰੇਸ਼ਨ ਕਰੀਬ 8 ਵਜੇ ਤੱਕ ਜਾਰੀ ਰਿਹਾ। ਪੁਲਿਸ ਟੀਮਾਂ ਨੇ ਇਲਾਕੇ ਦੇ ਘਰਾਂ, ਸ਼ੱਕੀ ਟਿਕਾਣਿਆਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਐਨਡੀਪੀਐਸ ਐਕਟ ਅਤੇ ਐਕਸਾਈਜ਼ ਐਕਟ ਨਾਲ ਸਬੰਧਤ ਬਰਾਮਦਗੀ ਵੀ ਹੋਈ ਹੈ। ਹਾਲਾਂਕਿ ਬਰਾਮਦ ਕੀਤੀ ਗਈ ਸਮੱਗਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੁਲਿਸ ਵੱਲੋਂ ਸਾਂਝੀ ਨਹੀਂ ਕੀਤੀ ਗਈ।
ਇਸ ਤੋਂ ਇਲਾਵਾ ਪੁਲਿਸ ਨੇ ਇਲਾਕੇ ਵਿੱਚੋਂ 3 ਲਾਵਾਰਿਸ ਜਾਂ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਹੈ। ਇਨ੍ਹਾਂ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਨ੍ਹਾਂ ਦਾ ਕਿਸੇ ਗੈਰ-ਕਾਨੂੰਨੀ ਗਤੀਵਿਧੀ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਤਲਾਸ਼ੀ ਮੁਹਿੰਮ ਦੀ ਅਗਵਾਈ ਅਤੇ ਨਿਗਰਾਨੀ ਦੌਰਾਨ ਪੁਲਿਸ ਅਧਿਕਾਰੀਆਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ।
ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਕਬਜ਼ੇ ਵਿੱਚ ਲਏ ਵਾਹਨਾਂ ਦੀ ਜਾਂਚ ਤੋਂ ਬਾਅਦ ਮਾਮਲੇ ਵਿੱਚ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH