
ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਦੀ ਅਪੀਲ
ਅੰਮ੍ਰਿਤਸਰ, 30 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਲਾਮਬੱਧ ਕਰਨ ਵਾਸਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਨਸ਼ਿਆਂ ਦੇ 56 ਹੌਟਸਪੌਟ ਵਜੋਂ ਪਛਾਣੇ ਗਏ ਪਿੰਡਾਂ ਅਤੇ ਇਲਾਕਿਆਂ ਵਿੱਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿੰਡ ਹਰਸ਼ਾ ਛੀਨਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।
ਤਹਿਸੀਲਦਾਰ ਲੋਪੋਕੇ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਪ੍ਰਸ਼ਾਸਨ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਵੀ ਜ਼ਰੂਰੀ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ। ਅਜਿਹੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਮੁੜ ਆਮ ਜੀਵਨ ਨਾਲ ਜੋੜਿਆ ਜਾ ਸਕੇ।
ਮੀਟਿੰਗ ਦੌਰਾਨ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਵਿੱਚ ਸ਼ਾਮਲ ਹੈ ਤਾਂ ਇਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸ ਦਾ ਮੁੱਖ ਉਦੇਸ਼ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਲਈ ਸਮੂਹਿਕ ਯਤਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH