
ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਅਧੂਰੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਪਟਿਆਲਾ, 30 ਅਕਤੂਬਰ (ਹਿੰ.ਸ.)| ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਹਾਊਸ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਰਕਾਰੀ ਸਕੀਮਾਂ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਵਿੱਚ 15ਵੇਂ ਵਿੱਤ ਕਮਿਸ਼ਨ ਤਹਿਤ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਨੂੰ ਪ੍ਰਾਪਤ ਗ੍ਰਾਂਟ ਨਾਲ ਕਰਵਾਏ ਜਾ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਵਿਸ਼ੇਸ਼ ਤੌਰ ’ਤੇ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਕੰਮ ਹਾਲੇ ਮੁਕੰਮਲ ਨਹੀਂ ਹੋਏ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕੰਮਾਂ ਦੀ ਪ੍ਰਗਤੀ ’ਤੇ ਨਜ਼ਰ ਰੱਖਣ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
16ਵੇਂ ਵਿੱਤ ਕਮਿਸ਼ਨ ਤਹਿਤ ਭਵਿੱਖ ਵਿੱਚ ਮਿਲਣ ਵਾਲੀ ਗ੍ਰਾਂਟ ਦੀ ਸੁਚੱਜੀ ਵਰਤੋਂ ਲਈ ਚੇਅਰਮੈਨ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਨੂੰ ਆਪਣੇ-ਆਪਣੇ ਜ਼ੋਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਦੀ ਸ਼ਨਾਖਤ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਮੈਂਬਰ ਇਨ੍ਹਾਂ ਕੰਮਾਂ ਸਬੰਧੀ ਤਜਵੀਜ਼ਾਂ ਪਹਿਲਾਂ ਹੀ ਤਿਆਰ ਕਰ ਲੈਣ, ਤਾਂ ਜੋ ਗ੍ਰਾਂਟ ਪ੍ਰਾਪਤ ਹੋਣ ’ਤੇ ਵਿਕਾਸ ਕਾਰਜਾਂ ਨੂੰ ਬਿਨਾਂ ਦੇਰੀ ਸ਼ੁਰੂ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀਆਂ ਲੋੜਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ।
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਵਾਈਸ ਚੇਅਰਪਰਸਨ ਬਿੰਦਰ ਕੌਰ, ਵੱਖ-ਵੱਖ ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਚੇਅਰਪਰਸਨ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ। ਇਸ ਮੌਕੇ ਡਿਪਟੀ ਸੀਈਓ ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH