
309 ਨਵੀਆਂ ਆਪਣੀ ਮਾਲਕੀ ਵਾਲੀਆਂ ਸਧਾਰਨ ਬੱਸਾਂ ਫਲੀਟ ਵਿੱਚ ਸ਼ਾਮਲ ਕਰਨ ਸਮੇਤ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ
ਪਟਿਆਲਾ, 31 ਅਕਤੂਬਰ (ਹਿੰ.ਸ.)| ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀ 248ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਲਾਜ਼ਮ ਪੱਖੀ ਫ਼ੈਸਲੇ ਲਏ ਗਏ। ਇਸ ਦੇ ਨਾਲ ਹੀ ਕਾਰਪੋਰੇਸ਼ਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਮਦਨ ਵਧਾਉਣ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ ਸਮੇਤ ਵਿੱਤ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀਆਰਟੀਸੀ ਦੇ ਭਵਿੱਖੀ ਵਿਕਾਸ ਅਤੇ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਲਈ ਚਲਾਏ ਜਾ ਰਹੇ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਵਿੱਚ ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਸੋਲਰ ਸਿਸਟਮ ਸਥਾਪਤ ਕਰਨਾ, ਰਿਟੇਲ ਪੈਟਰੋਲ ਪੰਪ ਸ਼ੁਰੂ ਕਰਨਾ, ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨਾ ਅਤੇ 309 ਨਵੀਆਂ ਆਪਣੀ ਮਾਲਕੀ ਵਾਲੀਆਂ ਸਧਾਰਨ ਬੱਸਾਂ ਨੂੰ ਕਾਰਪੋਰੇਸ਼ਨ ਦੇ ਬੇੜੇ ਵਿੱਚ ਸ਼ਾਮਲ ਕਰਨਾ ਸ਼ਾਮਲ ਹੈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਤੇਜ਼ੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ, ਪੀਆਰਟੀਸੀ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਅਤੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਕੇ ਕਾਰਪੋਰੇਸ਼ਨ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਮੁੱਖ ਤਰਜੀਹਾਂ ਹਨ।
ਚੇਅਰਮੈਨ ਨੇ ਕਿਹਾ ਕਿ ਪੀਆਰਟੀਸੀ ਦੀ ਤਰੱਕੀ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਅਤੇ ਉਨ੍ਹਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਕਰਨਾ ਤੇ ਸਮੱਸਿਆਵਾਂ ਦਾ ਹੱਲ ਕਰਨਾ ਕਾਰਪੋਰੇਸ਼ਨ ਦੀ ਪਹਿਲ ਰਹੇਗੀ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਵਿਭਾਗ ਦੇ ਵਿਕਾਸ ਨੂੰ ਨਾਲ-ਨਾਲ ਲੈ ਕੇ ਚੱਲਣ ਨਾਲ ਪੀਆਰਟੀਸੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਕਾਰਪੋਰੇਸ਼ਨ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH