ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ: ਹਰਪਾਲ ਸਿੰਘ ਚੀਮਾ
ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ 1.25 ਕਰੋੜ ਦੀ ਲਾਗਤ ਨਾਲ ਬਣਿਆ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ ਭਾਦਸੋਂ, 31 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ
ਸਪੋਰਟਸ ਕੰਪਲੈਕਸ ਦਾ ਉਦਘਾਟਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।


ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ 1.25 ਕਰੋੜ ਦੀ ਲਾਗਤ ਨਾਲ ਬਣਿਆ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ

ਭਾਦਸੋਂ, 31 ਅਕਤੂਬਰ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਿੱਤ ਮੰਤਰੀ ਨੇ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਕਰਤਾਰ ਕੰਬਾਇਨ ਐਂਡ ਟ੍ਰੈਕਟਰਜ਼ ਇੰਡਸਟਰੀ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਗਿਆ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕਰਤਾਰ ਐਗਰੋ ਦੇ ਐਮਡੀ ਤੇ ਚੇਅਰਮੈਨ ਅਮਰਜੀਤ ਸਿੰਘ ਲੋਟੇ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਕਰਤਾਰ ਐਗਰੋ ਵੱਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਪਨੀ ਖੇਤੀਬਾੜੀ ਸੰਦਾਂ ਦੇ ਨਿਰਮਾਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਅੱਗੇ ਆਈ ਹੈ। ਉਨ੍ਹਾਂ ਹੋਰ ਉਦਯੋਗਿਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਰਤਾਰ ਐਗਰੋ ਦੀ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ, 361 ਨੇ ਜੇਈਈ ਮੇਨਜ਼ ਅਤੇ 64 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤੇ ਗਏ ਸਕੂਲ ਆਫ਼ ਐਮੀਨੈਂਸ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਕਾਇਮ ਕਰ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਅਤੇ ਕੇਂਦਰ ਸਰਕਾਰ ਦੇ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਵੀ ਪੰਜਾਬ ਨੂੰ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਜਗ੍ਹਾ ਮਿਲੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 3,000 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਭਾਦਸੋਂ ਵਿੱਚ ਬਣਿਆ ਇਹ ਖੇਡ ਕੰਪਲੈਕਸ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਅਤੇ ਪ੍ਰਾਪਤੀਆਂ ਕਰਨ ਲਈ ਵਧੀਆ ਮਾਹੌਲ ਦੇਵੇਗਾ।

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਕਰਤਾਰ ਐਗਰੋ ਦੇ ਡਾਇਰੈਕਟਰ ਅਤੇ ਲੋਟੇ ਪਰਿਵਾਰ ਦੇ ਮੈਂਬਰਾਂ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ, ਪ੍ਰਿੰਸੀਪਲ ਪ੍ਰੀਤਿੰਦਰ ਘਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਹਾਜ਼ਰ ਸਨ। ਸਮਾਗਮ ਦੌਰਾਨ ਅਮਰਜੀਤ ਸਿੰਘ ਲੋਟੇ ਦਾ ਸਨਮਾਨ ਵੀ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande