ਸ੍ਰੀ ਗੰਗਾਨਗਰ ਦੇ ਗੁਰਦੁਆਰਾ ਸਾਹਿਬ ’ਚ ਪੁਲਿਸ ਕਾਰਵਾਈ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਗੁਰੂ ਦੇ ਲੰਗਰ ਦੀ ਬੇਅਦਬੀ ਅਤੇ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜਨ ਦਾ ਲਾਇਆ ਦੋਸ਼; ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਵਿਰੋਧ ਅੰਮ੍ਰਿਤਸਰ, 05 ਅਕਤੂਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਗੁਰੂ ਦੇ ਲੰਗਰ ਦੀ ਬੇਅਦਬੀ ਅਤੇ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜਨ ਦਾ ਲਾਇਆ ਦੋਸ਼; ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਵਿਰੋਧ

ਅੰਮ੍ਰਿਤਸਰ, 05 ਅਕਤੂਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਰਾਜਸਥਾਨ ਪੁਲਿਸ ’ਤੇ ਗੁਰੂ ਦੇ ਲੰਗਰ ਦੀ ਬੇਅਦਬੀ ਕਰਨ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਸਖ਼ਤ ਵਿਰੋਧ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਗੁਰੂ ਦੇ ਲੰਗਰ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਵਾਦ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਇਸ ਤਰ੍ਹਾਂ ਦੀ ਪੁਲਿਸ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਟਿੰਮਾ ਨੂੰ ਕਥਿਤ ਤੌਰ ’ਤੇ ਝੂਠੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਰਾਜਸਥਾਨ ਪੁਲਿਸ ਦੀ ਕਾਰਵਾਈ ਨੂੰ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਕਰਾਰ ਦਿੰਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਸ੍ਰੀ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ, ਪਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਿਆਦਾ ਅਨੁਸਾਰ ਜੀਵਨ ਜਿਊਣ ਦਾ ਸੰਵਿਧਾਨਕ ਅਧਿਕਾਰ ਹੈ। ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਭੇਦਭਾਵ ਜਾਂ ਧੱਕੇਸ਼ਾਹੀ ਸੰਵਿਧਾਨਕ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਹੈ ਅਤੇ ਸਰਕਾਰ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਰਿਹਾਈ ਲਈ ਕਾਰਵਾਈ ਕਰਨੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande