
ਐੱਸਐੱਸਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਕਈ ਇਲਾਕਿਆਂ ’ਚ ਤਸਕਰਾਂ ਦੇ ਘਰਾਂ ’ਤੇ ਰੇਡ; ਝਾੜੀਆਂ, ਸੁੰਨੀਆਂ ਥਾਵਾਂ ਤੇ ਖਾਲੀ ਮਕਾਨ ਕੀਤੇ ਜਾ ਰਹੇ ਚਿੰਨ੍ਹਤ
ਰੂਪਨਗਰ, 05 ਅਕਤੂਬਰ (ਹਿੰ.ਸ.)| ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਕਾਰਵਾਈ ਤੇਜ਼ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਐੱਸਐੱਸਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਐੱਸਪੀ ਹਰਸਿਮਰਤ ਸਿੰਘ ਛੇਤਰਾ, ਡੀਐੱਸਪੀ ਦੀਪਇੰਦਰ ਸਿੰਘ ਅਤੇ ਐੱਸਐੱਚਓ ਸਨੀ ਖੰਨਾ ਸਮੇਤ ਪੁਲਿਸ ਅਧਿਕਾਰੀ ਮੌਜੂਦ ਰਹੇ।
ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਵਰਤੋਂ ਸਬੰਧੀ ਸ਼ਿਕਾਇਤਾਂ ਮਿਲਦੀਆਂ ਹਨ ਜਾਂ ਵਰਤੀਆਂ ਹੋਈਆਂ ਸਰਿੰਜਾਂ ਮਿਲਦੀਆਂ ਹਨ, ਉਨ੍ਹਾਂ ਥਾਵਾਂ ਦੀ ਪਛਾਣ ਕਰਕੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ।
ਪੁਲਿਸ ਵੱਲੋਂ ਝਾੜੀਆਂ, ਸੁੰਨੀਆਂ ਥਾਵਾਂ ਅਤੇ ਖਾਲੀ ਪਏ ਮਕਾਨਾਂ ਵਰਗੇ ਸੰਭਾਵਿਤ ਹੌਟਸਪੌਟ ਚਿੰਨ੍ਹਤ ਕੀਤੇ ਜਾ ਰਹੇ ਹਨ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਇਕੱਠੇ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ। ਅਜਿਹੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੁਲਿਸ ਵੱਲੋਂ ਮੁਹਿੰਮ ਤੇਜ਼ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਅਜਿਹੇ ਹੌਟਸਪੌਟਾਂ ’ਤੇ ਨਿਯਮਿਤ ਤੌਰ ’ਤੇ ਕਾਰਵਾਈ ਜਾਰੀ ਰੱਖੀ ਜਾਵੇਗੀ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਸ਼ੱਕੀ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਐੱਸਐੱਸਪੀ ਮਨਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਜਾਂ ਨਸ਼ਿਆਂ ਦੇ ਹੌਟਸਪੌਟਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH