ਕਪੂਰਥਲਾ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸਡੀਐਮਜ਼ ਅਤੇ ਡੀਐਸਪੀਜ਼ ਨੂੰ ਹੌਟਸਪੌਟ ਪਿੰਡਾਂ ਦੇ ਸਾਂਝੇ ਦੌਰੇ ਦੇ ਹੁਕਮ
ਕਪੂਰਥਲਾ,06 ਅਕਤੂਬਰ (ਹਿੰ.ਸ.)। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟਸ ਅਤੇ ਡੀਐਸਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਲੇ ਇੱਕ ਹਫ਼ਤੇ ਦੇ ਅੰਦਰ ਜ਼ਿਲ੍ਹੇ ਦੇ ਸਾਰੇ ਸੰਵੇਦਨਸ਼ੀਲ ਹੌਟ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ


ਕਪੂਰਥਲਾ,06 ਅਕਤੂਬਰ (ਹਿੰ.ਸ.)। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟਸ ਅਤੇ ਡੀਐਸਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਲੇ ਇੱਕ ਹਫ਼ਤੇ ਦੇ ਅੰਦਰ ਜ਼ਿਲ੍ਹੇ ਦੇ ਸਾਰੇ ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਦੇ ਸਾਂਝੇ ਦੌਰੇ ਕਰਕੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਹੋਰ ਤੇਜ਼ ਕੀਤੀ ਜਾਵੇ।

ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਮੂਹ ਕਲਸਟਰ ਅਤੇ ਨੋਡਲ ਅਫ਼ਸਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ ਹੈ, ਪਰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਖ਼ਾਸ ਤੌਰ ’ਤੇ ਅਗਲੇ ਤਿੰਨ ਹਫ਼ਤਿਆਂ ਦੌਰਾਨ, ਜਦੋਂ ਝੋਨੇ ਦੀ ਵਾਢੀ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ, ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 10-15 ਫ਼ੀਸਦੀ ਝੋਨੇ ਦੀ ਕਟਾਈ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾਂ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਬੇਹੱਦ ਅਹਿਮ ਹੈ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਜ਼ਿਲ੍ਹਾ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਰਹੇ।

ਉਨ੍ਹਾਂ ਐਸਡੀਐਮਜ਼ ਅਤੇ ਡੀਐਸਪੀਜ਼ ਨੂੰ ਹੌਟਸਪੌਟ ਪਿੰਡਾਂ ਦੇ ਸਾਂਝੇ ਦੌਰੇ ਕਰਨ, ਕਿਸਾਨਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਨ, ਫ਼ਸਲ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ ’ਤੇ ਰੋਕਥਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਖੇਤੀਬਾੜੀ ਵਿਭਾਗ, ਸਹਿਕਾਰੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਆਪਣੇ ਫੀਲਡ ਦੌਰੇ ਤੇਜ਼ ਕਰਨ ਅਤੇ ਆਪਸੀ ਤਾਲਮੇਲ ਬਣਾਈ ਰੱਖਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਹਾਜ਼ਰ ਅਤੇ ਚੌਕਸ ਰਹਿਣ ਅਤੇ ਕਿਸੇ ਵੀ ਘਟਨਾ ਜਾਂ ਸਹਾਇਤਾ ਦੀ ਲੋੜ ਸਬੰਧੀ ਤੁਰੰਤ ਕਲਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੀ ਮਸ਼ੀਨਰੀ ਨੂੰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਪਰਾਲੀ ਸਾੜਨ ਦੀ ਕੋਈ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕਥਾਮੀ ਕਾਰਵਾਈ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਫ਼ਸਲ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪਿੰਡ ਪੱਧਰ ’ਤੇ ਰੋਜ਼ਾਨਾ ਜਨਤਕ ਐਲਾਨ ਕੀਤੇ ਜਾਣ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਝੋਨੇ ਦੀ ਕਟਾਈ ਦੇ ਪੂਰੇ ਸੀਜ਼ਨ ਦੌਰਾਨ ਸਰਪੰਚ ਅਤੇ ਪੰਚਾਇਤ ਸਕੱਤਰ ਆਪਣੇ-ਆਪਣੇ ਪਿੰਡਾਂ ਵਿੱਚ ਸਰਗਰਮ ਤੌਰ ’ਤੇ ਸ਼ਾਮਲ ਰਹਿਣ।

ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਨ-ਸਿਟੂ ਅਤੇ ਐਕਸ-ਸਿਟੂ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਆਸਾਨੀ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਉਪਲਬਧ ਹੋਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਮਸ਼ੀਨਰੀ ਦੀ ਲੋੜ ਵਾਲੇ ਕਿਸਾਨਾਂ ਨੂੰ ਕਟਾਈ ਦੇ ਸਮੇਂ ਸਿਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮਸ਼ੀਨਰੀ ਦੀ ਲੋੜੀਂਦੀ ਉਪਲਬਧਤਾ ਅਤੇ ਸਮੇਂ ਸਿਰ ਤਾਇਨਾਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਸਾੜਨ ਤੋਂ ਰੋਕਣ ਦੀ ਰਣਨੀਤੀ ਦਾ ਅਹਿਮ ਹਿੱਸਾ ਹੈ।

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ 24 ਘੰਟੇ ਕੰਮ ਕਰ ਰਿਹਾ ਹੈ ਅਤੇ ਝੋਨੇ ਦੀ ਕਟਾਈ ਦੇ ਪੂਰੇ ਸੀਜ਼ਨ ਦੌਰਾਨ ਸਾਰੇ ਵਿਭਾਗਾਂ ਨੂੰ ਚੌਕਸ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਉਪਲਬਧ ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦਾ ਪੂਰਾ ਲਾਭ ਉਠਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande