
ਅੰਮ੍ਰਿਤਸਰ, 06 ਅਕਤੂਬਰ (ਹਿੰ.ਸ.)| ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਅਤੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ, ਗੁਰੂ ਨਗਰੀ ਦੀ ਸਫ਼ਾਈ, ਆਵਾਜਾਈ ਪ੍ਰਬੰਧਾਂ ਸਮੇਤ ਹੋਰ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਗਈ ਇਸ ਇਤਿਹਾਸਕ ਨਗਰੀ ਨੂੰ ਸਾਫ਼-ਸੁਥਰਾ ਰੱਖਣਾ ਸਮੂਹ ਸ਼ਹਿਰ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਪ੍ਰਕਾਸ਼ ਗੁਰਪੁਰਬ ਸਬੰਧੀ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਚਾਰੂ ਆਵਾਜਾਈ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਗੁਰਮੰਦਰ ਸਿੰਘ, ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਡੀਸੀਪੀ ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਭੋਮਾਂ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH