
15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ
ਅੰਮ੍ਰਿਤਸਰ, 07 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਇਹ ਲੋਕ ਉਨ੍ਹਾਂ ਤੋਂ ਨਾਜਾਇਜ਼ ਹਥਿਆਰ ਹਾਸਲ ਕਰਕੇ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਂਦੇ ਸਨ। ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਕੁਝ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਮਿਲੀ ਹੈ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
ਪੁਲਿਸ ਵੱਲੋਂ ਥਾਣਾ ਕੈਂਟੋਨਮੈਂਟ, ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਾਂਚ ਅਧਿਕਾਰੀ ਬਰਾਮਦ ਕੀਤੇ ਹਥਿਆਰਾਂ ਦੇ ਸਰੋਤ ਅਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਪੰਜਾਬ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH