
ਜਗਰਾਉਂ, 07 ਅਕਤੂਬਰ (ਹਿੰ.ਸ.)| ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਜਾਰੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਗਰਾਉਂ ਅਨਾਜ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ।
ਕਟਾਰੂਚੱਕ ਨੇ ਦੱਸਿਆ ਕਿ ਖਰੀਦ ਸੀਜ਼ਨ 2026-27 ਦੌਰਾਨ ਪੰਜਾਬ ਵਿੱਚ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਆਰਬੀਆਈ ਵੱਲੋਂ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀਸੀਐੱਲ) ਜਾਰੀ ਕੀਤੀ ਜਾ ਚੁੱਕੀ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਤੋਂ ਬਾਅਦ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰਾਂਸਪੋਰਟ, ਬਾਰਦਾਨੇ, ਭੁਗਤਾਨ ਅਤੇ ਲਿਫਟਿੰਗ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਲੁਧਿਆਣਾ ਉਨ੍ਹਾਂ ਦਾ 11ਵਾਂ ਜ਼ਿਲ੍ਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਤੁਰੰਤ ਖਰੀਦ ਹੋ ਸਕੇ। ਉਨ੍ਹਾਂ ਪਰਾਲੀ ਪ੍ਰਬੰਧਨ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਜਗਰਾਉਂ ਮੰਡੀ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਲਾਈਟਾਂ ਸਮੇਤ ਕਰਵਾਏ ਗਏ ਕੰਮਾਂ ਦੀ ਸ਼ਲਾਘਾ ਕੀਤੀ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ ਅਤੇ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH