
ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲਿਆਂ ’ਤੇ ਵਿਚਾਰ-ਵਟਾਂਦਰਾ
ਅੰਮ੍ਰਿਤਸਰ, 07 ਅਕਤੂਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।
ਇਕੱਤਰਤਾ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਂਦਿਆਂ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਲਈ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਚਾਰ ਦਾ ਹਿੱਸਾ ਬਣਨ ਦੀ ਬਜਾਏ ਸੰਗਤ ਨੂੰ ਸਹੀ ਜਾਣਕਾਰੀ ਦੇਣ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਕਾਰਜਾਂ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਇਕਜੁਟਤਾ ਨਾਲ ਸਾਹਮਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਵਿਕਾਸ ਅਤੇ ਕਰਮਚਾਰੀਆਂ ਦੀ ਭਲਾਈ ਲਈ ਮੌਜੂਦਾ ਪ੍ਰਧਾਨ ਦੀ ਅਗਵਾਈ ਹੇਠ ਕਈ ਮਹੱਤਵਪੂਰਨ ਕਾਰਜ ਕੀਤੇ ਗਏ ਹਨ। ਉਨ੍ਹਾਂ ਤਲਵੰਡੀ ਸਾਬੋ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਲਈ ਮੁਫ਼ਤ ਪੜ੍ਹਾਈ ਅਤੇ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਨਿਸ਼ਚੈ ਅਕੈਡਮੀ ਦੀ ਸਥਾਪਨਾ ਨੂੰ ਅਹਿਮ ਉਪਰਾਲੇ ਦੱਸਿਆ।
ਇਕੱਤਰਤਾ ਵਿੱਚ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਹੋਰ ਬਿਹਤਰ ਬਣਾਉਣ ਦੇ ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲਿਆਂ ’ਤੇ ਵਿਚਾਰ ਕੀਤਾ ਗਿਆ। ਅਦਾਰਿਆਂ ਨੂੰ ਸਿੱਖ ਸਿਧਾਂਤ ਮਿਸ਼ਨ ਦੇ ਪ੍ਰਭਾਵਸ਼ਾਲੀ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਵਿੱਚ ਧਰਮ, ਵਿਰਸੇ ਤੇ ਕੌਮੀ ਸਰੋਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਸਮੇਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH