ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਮੁੜ ਸੰਭਾਲੀ ਪੰਜਾਬ ਦੀ ਸੇਵਾ
ਦੱਖਣੀ ਅਫਰੀਕਾ ਵਿੱਚ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਕੀਤੀ ਸ਼ਿਰਕਤ; ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਤੇ ਸਿੱਖ ਭਾਈਚਾਰੇ ਨਾਲ ਕੀਤੀਆਂ ਮੁਲਾਕਾਤਾਂ ਚੰਡੀਗੜ੍ਹ, 07 ਅਕਤੂਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ।
ਪੰਜਾਬ ਪਰਤਣ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਵਾਗਤ ਕਰਦੇ ਹੋਏ ਆਗੂ।


ਦੱਖਣੀ ਅਫਰੀਕਾ ਵਿੱਚ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਕੀਤੀ ਸ਼ਿਰਕਤ; ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਤੇ ਸਿੱਖ ਭਾਈਚਾਰੇ ਨਾਲ ਕੀਤੀਆਂ ਮੁਲਾਕਾਤਾਂ

ਚੰਡੀਗੜ੍ਹ, 07 ਅਕਤੂਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਦੌਰਿਆਂ ਦਾ ਮੁੱਖ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ, ਲੋਕਤੰਤਰੀ ਢਾਂਚਿਆਂ ਅਤੇ ਕੰਮਕਾਜ ਦੇ ਤਰੀਕਿਆਂ ਨੂੰ ਸਮਝਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕਰਨਾ ਸੀ।

ਆਪਣੇ ਦੌਰੇ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਾਈ ਮਰਦਾਨਾ ਜੀ ਨੂੰ ਸਮਝਾਇਆ ਸੀ ਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਉੱਥੇ ਨੇਕੀ, ਭਲਾਈ ਅਤੇ ਸੇਵਾ ਦੀ ਭਾਵਨਾ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਧੀਆਂ-ਪੁੱਤਰ ਅੱਜ ਦੁਨੀਆ ਦੇ ਹਰ ਕੋਨੇ ਵਿੱਚ ਆਪਣੀ ਮਿਹਨਤ, ਹੁਨਰ ਅਤੇ ਜਜ਼ਬੇ ਨਾਲ ਵੱਖਰੀ ਪਛਾਣ ਬਣਾ ਰਹੇ ਹਨ।

ਸੰਧਵਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਪਣੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾ ਰਿਹਾ ਹੈ। ਇਸ ਲਈ ਪ੍ਰਵਾਸੀ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਚਿੰਤਾਵਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਦੌਰੇ ਦੌਰਾਨ ਸਪੀਕਰ ਸੰਧਵਾਂ ਨੇ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਲੋਕਤੰਤਰੀ ਸਿਧਾਂਤਾਂ, ਸੰਸਦੀ ਢਾਂਚੇ ਅਤੇ ਵਿਸ਼ਵ ਪੱਧਰ ’ਤੇ ਸਹਿਯੋਗ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਜਰਮਨੀ ਦੇ ਬਰਲਿਨ ਵਿੱਚ ਉਨ੍ਹਾਂ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਖੇਤਰੀ ਮੁੱਦਿਆਂ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਆਸਾਂ-ਉਮੀਦਾਂ ਬਾਰੇ ਵਿਚਾਰ ਸਾਂਝੇ ਕੀਤੇ। ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਸਿੱਖ ਭਾਈਚਾਰੇ ਨਾਲ ਪੰਜਾਬ ਨਾਲ ਭਾਵਨਾਤਮਕ, ਸਮਾਜਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ।

ਪੇਨਾਂਗ ਵਿੱਚ ਮੁੱਖ ਮੰਤਰੀ ਚੋ ਕੋਨ ਯੇਓ ਅਤੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਉ ਨਾਲ ਮੁਲਾਕਾਤ ਕਰਕੇ ਪੰਜਾਬੀ ਭਾਈਚਾਰੇ ਦੀ ਭਲਾਈ ਅਤੇ ਆਪਸੀ ਸਹਿਯੋਗ ਵਧਾਉਣ ਦੇ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਕੈਨੇਡਾ ਸਮੇਤ ਹੋਰ ਦੇਸ਼ਾਂ ਵਿੱਚ ਵੀ ਪੰਜਾਬ ਦੇ ਵਿਕਾਸ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਭਾਈਚਾਰਕ ਸਮਾਗਮਾਂ ਤੇ ਮੀਟਿੰਗਾਂ ਵਿੱਚ ਸ਼ਮੂਲੀਅਤ ਕੀਤੀ ਗਈ।

ਸੰਧਵਾਂ ਨੇ ਕਿਹਾ ਕਿ ਦੌਰੇ ਦੌਰਾਨ ਪੰਜਾਬ ਵਿੱਚ ਨਿਵੇਸ਼ ਅਤੇ ਰੁਜ਼ਗਾਰ ਵਧਾਉਣ, ਉਦਯੋਗਿਕ ਤੇ ਵਪਾਰਕ ਸਹਿਯੋਗ, ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੇ ਵਿਸਥਾਰ ਅਤੇ ਪ੍ਰਵਾਸੀ ਪੰਜਾਬੀਆਂ ਦੀ ਸੂਬੇ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਪ੍ਰਾਪਤ ਤਜਰਬਿਆਂ ਅਤੇ ਸੰਪਰਕਾਂ ਨੂੰ ਪੰਜਾਬ ਦੇ ਹਿੱਤ ਵਿੱਚ ਵਰਤਿਆ ਜਾਵੇਗਾ ਅਤੇ ਵਿਦੇਸ਼ਾਂ ਵਿੱਚ ਪੰਜਾਬ ਦੀ ਆਵਾਜ਼ ਨੂੰ ਬੁਲੰਦ ਰੱਖਣ ਦੇ ਨਾਲ ਪ੍ਰਵਾਸੀਆਂ ਨਾਲ ਸਬੰਧ ਹੋਰ ਮਜ਼ਬੂਤ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande