ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ., 21 ਲੱਖ ਮਾਪਿਆਂ ਨੇ ਲਿਆ ਹਿੱਸਾ
‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਮਜ਼ਬੂਤ ਕਰਨ ’ਤੇ ਜ਼ੋਰ ਚੰਡੀਗੜ੍ਹ, 09 ਅਕਤੂਬਰ (ਹਿੰ.ਸ.)| ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ
ਮੰਤਰੀ ਹਰਜੋਤ ਸਿੰਘ ਬੈਂਸ


‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਮਜ਼ਬੂਤ ਕਰਨ ’ਤੇ ਜ਼ੋਰ

ਚੰਡੀਗੜ੍ਹ, 09 ਅਕਤੂਬਰ (ਹਿੰ.ਸ.)| ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਇਸ ਦੌਰਾਨ ਲਗਭਗ 21 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਸਿੱਖਣ ਦੀ ਸਮਰੱਥਾ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ‘ਹਰ ਦਿਨ, ਇਕ ਕਦਮ ਅੱਗੇ’ ਦੇ ਥੀਮ ਹੇਠ ਕਰਵਾਈ ਗਈ ਇਸ ਮੁਹਿੰਮ ਦਾ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਤਾਲਮੇਲ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਹਰੇਕ ਬੱਚੇ ਨੂੰ ਉਸ ਦੀਆਂ ਲੋੜਾਂ ਅਨੁਸਾਰ ਸਿੱਖਿਆ ਅਤੇ ਮਾਰਗਦਰਸ਼ਨ ਮਿਲ ਸਕੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੈਗਾ ਪੀ.ਟੀ.ਐਮ. ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਲਗਭਗ 2,000 ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੀਟਿੰਗਾਂ ਦੇ ਪ੍ਰਬੰਧਾਂ ਅਤੇ ਕਾਰਵਾਈ ਦਾ ਨਿਰੀਖਣ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਜਾਂ ਪ੍ਰੀਖਿਆਵਾਂ ਦੇ ਅੰਕਾਂ ਤੱਕ ਸੀਮਤ ਨਹੀਂ ਹੈ, ਸਗੋਂ ਬੱਚਿਆਂ ਦੀ ਸਮੁੱਚੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ। ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਜਮਾਤ ਵਿੱਚ ਕਾਰਗੁਜ਼ਾਰੀ, ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਬੱਚਿਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰ ਪੱਖਾਂ ਦੀ ਪਛਾਣ ਕਰਕੇ ਉਨ੍ਹਾਂ ਵਿੱਚ ਸੁਧਾਰ ਲਿਆਉਣ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਮਾਪਿਆਂ ਨੂੰ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਵਿੱਚ ਸਹਿਯੋਗ ਦੇਣ ਅਤੇ ਉਨ੍ਹਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਦੇ ਵਿਹਾਰਕ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਹਰ ਬੱਚੇ ਦੀ ਸਿੱਖਣ ਦੀ ਰਫ਼ਤਾਰ ਵੱਖਰੀ ਹੋਣ ਕਾਰਨ ਉਸ ਦੀਆਂ ਵਿਅਕਤੀਗਤ ਲੋੜਾਂ ਅਨੁਸਾਰ ਸਹਾਇਤਾ ਦੇਣ ’ਤੇ ਜ਼ੋਰ ਦਿੱਤਾ ਗਿਆ।

ਹਰਜੋਤ ਸਿੰਘ ਬੈਂਸ ਨੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਭਾਈਚਾਰੇ ਦੇ ਸਾਂਝੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰ ਸਰਕਾਰੀ ਸਕੂਲਾਂ ਨੂੰ ਵਧੇਰੇ ਸਮਾਵੇਸ਼ੀ, ਜਵਾਬਦੇਹ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਯਤਨਸ਼ੀਲ ਹੈ। ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਉਨ੍ਹਾਂ ਦੀ ਨਿਰੰਤਰ ਪ੍ਰਗਤੀ ਲਈ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਨ ਦਾ ਮੌਕਾ ਮਿਲਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande