
ਮੋਹਾਲੀ, 09 ਅਕਤੂਬਰ (ਹਿੰ.ਸ.)| ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਦੇ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਫੇਜ਼-2, ਐੱਸ.ਏ.ਐੱਸ. ਨਗਰ ਸਥਿਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਖੇਤਰੀ ਅਮਲੇ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਕਾਰਜ ਸਮਰੱਥਾ ਨੂੰ ਮਜ਼ਬੂਤ ਕਰਨਾ ਸੀ।
ਪ੍ਰੋਗਰਾਮ ਦੌਰਾਨ ਈ.ਈ.-ਕਮ-ਐੱਸ.ਈ.ਐੱਸ. ਇੰਜੀਨੀਅਰ ਸਰਬਜੀਤ ਸਿੰਘ, ਐੱਸ.ਈ.ਐੱਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸਾਜ਼ਿਦ ਅਲੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰਾਜੈਕਟਾਂ ਦੀ ਉਸਾਰੀ ਅਤੇ ਸੰਚਾਲਨ ਦੌਰਾਨ ਵਾਤਾਵਰਣ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਿਖਲਾਈ ਦੌਰਾਨ ਪ੍ਰਾਜੈਕਟ ਸਾਈਟਾਂ ਦੀ ਸਫ਼ਾਈ, ਟ੍ਰੀਟਮੈਂਟ ਵਿੱਚ ਵਰਤੇ ਜਾਣ ਵਾਲੇ ਰਸਾਇਣਾਂ ਦੀ ਸੁਰੱਖਿਅਤ ਸਟੋਰੇਜ ਅਤੇ ਸੰਭਾਲ, ਰਹਿੰਦ-ਖੂੰਹਦ ਦੀ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡ ਅਤੇ ਢੁੱਕਵੇਂ ਨਿਪਟਾਰੇ ਵਰਗੇ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ ਨੂੰ ਰੋਕਣ, ਪੌਦੇ ਲਗਾ ਕੇ ਹਰਿਆਵਲ ਵਧਾਉਣ, ਅੱਗ ਤੋਂ ਬਚਾਅ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਅਧਿਕਾਰੀਆਂ ਨੇ ਕਰਮਚਾਰੀਆਂ ਨੂੰ ਕੰਮ ਦੌਰਾਨ ਸਿਹਤ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਨਿੱਜੀ ਸੁਰੱਖਿਆ ਉਪਕਰਣਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਨਹਿਰੀ ਪਾਣੀ ’ਤੇ ਆਧਾਰਿਤ ਪ੍ਰਾਜੈਕਟਾਂ ਦੀ ਉਸਾਰੀ ਅਤੇ ਸੰਚਾਲਨ ਦੌਰਾਨ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ।
ਇਸ ਸਿਖਲਾਈ ਪ੍ਰੋਗਰਾਮ ਵਿੱਚ ਉਪ-ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਤੇ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਨਾਲ ਜੁੜੇ ਪ੍ਰਾਜੈਕਟ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸੂਬਾਈ ਵਾਤਾਵਰਣ ਟੀਮ ਵੱਲੋਂ ਕੀਤੇ ਨਿਰੀਖਣਾਂ ਵਿੱਚ ਸਾਹਮਣੇ ਆਈਆਂ ਕਮੀਆਂ ਅਤੇ ਵਾਤਾਵਰਣ ਨਿਯਮਾਂ ਦੀ ਪਾਲਣਾ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਭਾਗੀ ਅਮਲੇ ਨੂੰ ਪ੍ਰਾਜੈਕਟ ਸਾਈਟਾਂ ਦੇ ਨਿਯਮਤ ਨਿਰੀਖਣ, ਵਾਤਾਵਰਣ ਸਬੰਧੀ ਰਿਕਾਰਡਾਂ ਅਤੇ ਫੋਟੋਗ੍ਰਾਫਿਕ ਸਬੂਤਾਂ ਦੀ ਸਾਂਭ-ਸੰਭਾਲ ਅਤੇ ਕਮੀਆਂ ਨੂੰ ਦੂਰ ਕਰਨ ਲਈ ਸਮੇਂ ਸਿਰ ਸੁਧਾਰਾਤਮਕ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਵਾਤਾਵਰਣ ਨਿਯਮਾਂ ਦੀ ਪਾਲਣਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਸੰਚਾਲਨ ਸੁਰੱਖਿਅਤ ਅਤੇ ਟਿਕਾਊ ਢੰਗ ਨਾਲ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH