ਫਿਰੋਜ਼ਪੁਰ ਦੇ ਪਿੰਡ ਮੋਹੜੇਵਾਲਾ ’ਚ ਕੁਝ ਘੰਟਿਆਂ ਅੰਦਰ ਤਿੰਨ ਮਾਸੂਮ ਬੱਚੀਆਂ ਦੀ ਸ਼ੱਕੀ ਹਾਲਾਤਾਂ ’ਚ ਮੌਤ
ਦੋ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ ਤਿੰਨੇ ਬੱਚੀਆਂ, ਮੂੰਹ ’ਚੋਂ ਨਿਕਲ ਰਹੀ ਸੀ ਚਿੱਟੀ ਝੱਗ ਸਿਹਤ ਵਿਭਾਗ ਨੇ ਪਾਣੀ, ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ, ਪੋਸਟਮਾਰਟਮ ਰਿਪੋਰਟ ਦੀ ਉਡੀਕ ਫਿਰੋਜ਼ਪੁਰ, 01 ਨਵੰਬਰ (ਹਿੰ.ਸ.)| ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ ਖੇਤਰ ਅਧੀਨ ਪੈਂਦੇ ਪ
ਫਿਰੋਜ਼ਪੁਰ ਦੇ ਪਿੰਡ ਮੋਹੜੇਵਾਲਾ ’ਚ ਕੁਝ ਘੰਟਿਆਂ ਅੰਦਰ ਤਿੰਨ ਮਾਸੂਮ ਬੱਚੀਆਂ ਦੀ ਸ਼ੱਕੀ ਹਾਲਾਤਾਂ ’ਚ ਮੌਤ


ਦੋ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ ਤਿੰਨੇ ਬੱਚੀਆਂ, ਮੂੰਹ ’ਚੋਂ ਨਿਕਲ ਰਹੀ ਸੀ ਚਿੱਟੀ ਝੱਗ

ਸਿਹਤ ਵਿਭਾਗ ਨੇ ਪਾਣੀ, ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ, ਪੋਸਟਮਾਰਟਮ ਰਿਪੋਰਟ ਦੀ ਉਡੀਕ

ਫਿਰੋਜ਼ਪੁਰ, 01 ਨਵੰਬਰ (ਹਿੰ.ਸ.)| ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਹੜੇਵਾਲਾ ਵਿੱਚ ਕੁਝ ਹੀ ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਪਰਿਵਾਰਾਂ ਦੀਆਂ ਤਿੰਨ ਮਾਸੂਮ ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਤਿੰਨਾਂ ਬੱਚੀਆਂ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਚਿੱਟੀ ਝੱਗ ਨਿਕਲਣ ਲੱਗੀ। ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਤਿੰਨਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਇਹ ਘਟਨਾਵਾਂ ਸ਼ਨੀਵਾਰ ਦੀਆਂ ਦੱਸੀਆਂ ਜਾ ਰਹੀਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਪਹੁੰਚ ਗਈਆਂ ਹਨ। ਫਿਲਹਾਲ ਮੌਤਾਂ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਤਿੰਨਾਂ ਮੌਤਾਂ ਪਿੱਛੇ ਕੋਈ ਸਾਂਝਾ ਕਾਰਨ ਹੈ ਜਾਂ ਨਹੀਂ।

ਪਹਿਲੀ ਘਟਨਾ ਵਿੱਚ ਇੱਕੋ ਪਰਿਵਾਰ ਦੀਆਂ ਦੋ ਬੱਚੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਦੀ ਉਮਰ 7 ਸਾਲ ਅਤੇ ਦੂਜੀ ਦੀ ਉਮਰ ਮਹਿਜ਼ 11 ਮਹੀਨੇ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸ਼ਨੀਵਾਰ ਸਵੇਰੇ ਦੋਵਾਂ ਬੱਚੀਆਂ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗੀ। ਪਰਿਵਾਰ ਵੱਲੋਂ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ 7 ਸਾਲਾ ਬੱਚੀ ਪਿਤਾ ਦੀ ਪਹਿਲੀ ਪਤਨੀ ਤੋਂ ਸੀ, ਜਦਕਿ 11 ਮਹੀਨਿਆਂ ਦੀ ਬੱਚੀ ਦੂਜੀ ਪਤਨੀ ਤੋਂ ਸੀ।

ਪਹਿਲੀ ਘਟਨਾ ਤੋਂ ਕੁਝ ਸਮੇਂ ਬਾਅਦ ਹੀ ਗੁਆਂਢ ਦੇ ਇੱਕ ਹੋਰ ਪਰਿਵਾਰ ਦੀ ਛੇ ਮਹੀਨਿਆਂ ਦੀ ਬੱਚੀ ਦੀ ਵੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਮਾਂ ਨੇ ਸਵੇਰੇ ਬੱਚੀ ਨੂੰ ਆਪਣਾ ਦੁੱਧ ਪਿਲਾਇਆ ਸੀ। ਇਸ ਤੋਂ ਕੁਝ ਸਮੇਂ ਬਾਅਦ ਹੀ ਬੱਚੀ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਸ ਦੇ ਮੂੰਹ ਵਿੱਚੋਂ ਵੀ ਝੱਗ ਨਿਕਲਣ ਲੱਗੀ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਉਸ ਨੇ ਘਰ ਵਿੱਚ ਦਮ ਤੋੜ ਦਿੱਤਾ।

ਘਟਨਾ ਤੋਂ ਬਾਅਦ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਪਿੰਡ ਮੋਹੜੇਵਾਲਾ ਪਹੁੰਚੀ। ਟੀਮ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਵਿੱਚੋਂ ਪਾਣੀ, ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ। ਫੂਡ ਪੋਇਜ਼ਨਿੰਗ ਜਾਂ ਕਿਸੇ ਜ਼ਹਿਰੀਲੇ ਪਦਾਰਥ ਦੀ ਸੰਭਾਵਨਾ ਸਮੇਤ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਤਿੰਨਾਂ ਬੱਚੀਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਰਖਵਾਈਆਂ ਗਈਆਂ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਮੈਡੀਕਲ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਡੀਐੱਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਹਰ ਸੰਭਵ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤਾਂ ਦੇ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande