ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਲਈ ਬਲਬੀਰ ਸਿੱਧੂ ਵੱਲੋਂ ਮੋਹਾਲੀ ਦੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ
4 ਨਵੰਬਰ ਦੀ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ ਮੋਹਾਲੀ, 01 ਨਵੰਬਰ (ਹਿੰ.ਸ.)| ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ
ਸੰਬੋਧਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


4 ਨਵੰਬਰ ਦੀ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਮੋਹਾਲੀ, 01 ਨਵੰਬਰ (ਹਿੰ.ਸ.)| ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੋਹਾਲੀ ਸਥਿਤ ਆਪਣੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ, ਮੌਜੂਦਾ ਅਤੇ ਸਾਬਕਾ ਕੌਂਸਲਰਾਂ, ਪਾਰਟੀ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਅਤੇ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਦੂਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਏ।

ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਨਸ਼ਾ ਤਸਕਰੀ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ’ਤੇ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦੇ ਮਾਮਲਿਆਂ ਬਾਰੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਠੋਸ ਕਾਰਵਾਈ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਬਿਆਨਬਾਜ਼ੀ ਦੀ ਬਜਾਏ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਅਤੇ ਨੌਜਵਾਨਾਂ ਦੇ ਸੁਰੱਖਿਅਤ ਭਵਿੱਖ ਦੀ ਉਮੀਦ ਕਰਦੇ ਹਨ।

ਬਲਬੀਰ ਸਿੰਘ ਸਿੱਧੂ ਨੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰੈਲੀ ਲੋਕਾਂ ਦੇ ਹੱਕਾਂ, ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਦੀ ਇਕਜੁੱਟਤਾ ਦਾ ਪ੍ਰਤੀਕ ਹੋਵੇਗੀ।

ਮੀਟਿੰਗ ਵਿੱਚ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਬੂਟਾ ਸਿੰਘ ਸੋਹਾਣਾ, ਲੱਖਾਂ ਸਿੰਘ, ਮੋਹਣ ਸਿੰਘ ਬਠਲਾਣਾ, ਗੁਰਵੰਤ ਸਿੰਘ ਛੀਨਾ, ਜਸਪ੍ਰੀਤ ਸਿੰਘ ਗਿੱਲ, ਪ੍ਰਦੀਪ ਸਿੰਘ ਤੰਗੋਰੀ, ਕੰਵਰਬੀਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਪੰਚ, ਸਰਪੰਚ ਅਤੇ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande