
ਮੁੜ ਭਰੋਸਾ ਜਤਾਉਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਜਲਾਲਾਬਾਦ, 01 ਨਵੰਬਰ (ਹਿੰ.ਸ.)| ਆਮ ਆਦਮੀ ਪਾਰਟੀ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਖ਼ਾਸ ਕਰਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦੂਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਭਰੋਸੇ ’ਤੇ ਖਰਾ ਉਤਰਨ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਗੇ।
ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਸਿੰਜਾਈ ਅਤੇ ਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਲੋਕ-ਪੱਖੀ ਫ਼ੈਸਲੇ ਲਏ ਹਨ। 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਨਹਿਰੀ ਪਾਣੀ ਖੇਤਾਂ ਦੇ ਆਖ਼ਰੀ ਸਿਰੇ ਤੱਕ ਪਹੁੰਚਾਉਣ ਵਰਗੀਆਂ ਪਹਿਲਕਦਮੀਆਂ ਨੇ ਆਮ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਹੈ।
ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਵੀ ਸੜਕਾਂ, ਨਹਿਰਾਂ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ। ਹਲਕੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ਼ਹੀਦ ਊਧਮ ਸਿੰਘ ਮਾਰਗ, ਜੋ ਬੱਘੇ ਕੇ ਮੋੜ ਤੋਂ ਅਮੀਰ ਖ਼ਾਸ ਤੱਕ ਜਾਂਦਾ ਹੈ, ਦਾ ਨਿਰਮਾਣ ਚੱਲ ਰਿਹਾ ਹੈ । ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਗਿਆ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ ਲਈ 43 ਕਰੋੜ ਰੁਪਏ ਦਾ ਪ੍ਰੋਜੈਕਟ ਲਿਆਂਦਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਿੰਚਾਈ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਲਈ 25.89 ਕਰੋੜ ਰੁਪਏ ਦੀ ਲਾਗਤ ਨਾਲ ਤਰੋਬੜੀ ਮਾਈਨਰ ਦਾ ਨਿਰਮਾਣ ਕਰਵਾਇਆ ਗਿਆ ਹੈ, ਜਦਕਿ ਰੋਡਾਂਵਾਲੀ ਮਾਈਨਰ ਦੇ ਨਿਰਮਾਣ ਅਤੇ ਸੁਧਾਰ ਲਈ 1.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਰਫ਼ਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਮੇਸ਼ਾ ਜਲਾਲਾਬਾਦ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੀ ਰਹੇਗੀ। ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜਲਾਲਾਬਾਦ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH