
ਅੰਮ੍ਰਿਤਸਰ, 10 ਨਵੰਬਰ (ਹਿੰ.ਸ.)| ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਜਾਣਕਾਰੀ ਸਾਂਝੀ ਕੀਤੀ। ਡੀਜੀਪੀ ਮੁਤਾਬਕ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
ਇਹ ਹੈਂਡਲਰ ਸੋਸ਼ਲ ਮੀਡੀਆ ਰਾਹੀਂ ਮੁਲਜ਼ਮਾਂ ਨਾਲ ਸੰਪਰਕ ਬਣਾਈ ਰੱਖਦੇ ਸਨ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ। ਹਥਿਆਰਾਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਡਰੋਨ ਰਾਹੀਂ ਪਹੁੰਚਣ ਵਾਲੀਆਂ ਖੇਪਾਂ ਨੂੰ ਇਕੱਠਾ ਕਰਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਪਹੁੰਚਾਉਂਦੇ ਸਨ।
ਪੁਲਿਸ ਵੱਲੋਂ ਇਸ ਨੈੱਟਵਰਕ ਸਬੰਧੀ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਥਾਣਾ ਛੇਹਰਟਾ ਅਤੇ ਦੂਜਾ ਥਾਣਾ ਸਿਵਲ ਲਾਈਨ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹਥਿਆਰਾਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਨ੍ਹਾਂ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਜਾਂਚ ਏਜੰਸੀਆਂ ਇਸ ਨੈੱਟਵਰਕ ਨਾਲ ਜੁੜੇ ਸਾਰੇ ਸੰਪਰਕਾਂ ਦੀ ਪੜਤਾਲ ਕਰ ਰਹੀਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH