
ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਹੋਣਗੇ ਜਨ ਸੰਪਰਕ ਪ੍ਰੋਗਰਾਮ; ਨਸ਼ਾ, ਗੈਂਗਸਟਰਵਾਦ, ਕਾਨੂੰਨ ਵਿਵਸਥਾ ਅਤੇ ਝੋਨੇ ਦੀ ਖਰੀਦ ਦੇ ਮੁੱਦੇ ਉਠਾਏਗੀ ਕਾਂਗਰਸ
ਚੰਡੀਗੜ੍ਹ, 10 ਨਵੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਐਲਾਨ ਕੀਤਾ ਹੈ ਕਿ ਕਾਂਗਰਸ ਵੱਲੋਂ 11 ਨਵੰਬਰ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ ਨੂੰ ਸਮਝੇਗੀ। ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਨਾਲ ਇਸ ਮੁਹਿੰਮ ਦਾ ਆਗਾਜ਼ ਹੋ ਚੁੱਕਾ ਹੈ ਅਤੇ ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਵਿਸਥਾਰ ਦਿੱਤਾ ਜਾਵੇਗਾ।
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਆਈ.ਟੀ. ਸੈਕਟਰ, ਖੇਤੀਬਾੜੀ, ਉਦਯੋਗ ਜਗਤ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਕਰੇਗੀ। ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਵਿਸ਼ੇਸ਼ ਜਨ ਸੰਪਰਕ ਪ੍ਰੋਗਰਾਮ ਕਰਵਾਏ ਜਾਣਗੇ। ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਰੈਲੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਸੰਵਾਦ ਕਰਨਗੇ। ਇਸ ਤੋਂ ਇਲਾਵਾ ਪਾਰਟੀ ਦੇ 5-6 ਸੀਨੀਅਰ ਆਗੂ ਵੱਖ-ਵੱਖ ਖੇਤਰਾਂ ਵਿੱਚ ਮੁਹਿੰਮ ਦੀ ਅਗਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ ਅਤੇ ਅਫ਼ਸਰਸ਼ਾਹੀ ਦੀ ਮਿਸਮੈਨੇਜਮੈਂਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਕਾਂਗਰਸ ਇਨ੍ਹਾਂ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਏਗੀ। ਉਨ੍ਹਾਂ ਪੀ.ਸੀ.ਐੱਸ. ਪ੍ਰੀਖਿਆ ਦੇ ਉਮੀਦਵਾਰਾਂ ਵੱਲੋਂ ਪ੍ਰੀਖਿਆ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਪ੍ਰਬੰਧਕੀ ਕਮੀਆਂ ਸਬੰਧੀ ਉਠਾਈਆਂ ਗਈਆਂ ਸ਼ਿਕਾਇਤਾਂ ਦਾ ਵੀ ਜ਼ਿਕਰ ਕੀਤਾ।
ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਦੇ ਵਾਅਦੇ ਪੂਰੇ ਨਹੀਂ ਹੋਏ ਅਤੇ ਪੰਜਾਬ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਸੁਝਾਵਾਂ ਅਤੇ ਮਾਹਿਰਾਂ ਦੀ ਰਾਇ ਦੇ ਆਧਾਰ ’ਤੇ ਚੋਣ ਮਨੋਰਥ ਪੱਤਰ ਤਿਆਰ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਵਿਕਾਸ ਲਈ ਵਿਹਾਰਕ ਰੋਡਮੈਪ ਬਣਾਇਆ ਜਾ ਸਕੇ।
ਝੋਨੇ ਦੀ ਖਰੀਦ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ 20 ਤੋਂ 25 ਫ਼ੀਸਦੀ ਝੋਨਾ ਅਜੇ ਵੀ ਮੰਡੀਆਂ ਵਿੱਚ ਪਿਆ ਹੈ ਅਤੇ ਕਿਸਾਨ ਖਰੀਦ ਤੇ ਅਦਾਇਗੀ ਨੂੰ ਲੈ ਕੇ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਮੁਹਿੰਮ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਔਰਤਾਂ ਸਮੇਤ ਹਰ ਵਰਗ ਦੀ ਆਵਾਜ਼ ਬਣੇਗੀ। ਉਮੀਦਵਾਰਾਂ ਦੀ ਪਹਿਲੀ ਸੂਚੀ ਬਾਰੇ ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸਰਵੇਖਣ ਅਤੇ ਮੀਟਿੰਗਾਂ ਜਾਰੀ ਹਨ ਅਤੇ ਜਲਦ ਸੂਚੀ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਡਾ. ਧਰਮਵੀਰ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH