ਸਵੱਛ ਸਰਵੇਖਣ 2025-26: ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹੁਣ ਤਿੰਨ ਪਵਿੱਤਰ ਸ਼ਹਿਰ ਬਣਨਗੇ ਮਾਡਲ ਸਿਟੀ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ; ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ''ਤੇ ਰਹੇਗਾ ਵਿਸ਼ੇਸ਼ ਧਿਆਨਚੰਡੀਗੜ੍ਹ, 12 ਨਵੰਬਰ (ਹਿੰ.ਸ.)| ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿ
ਜਾਣਕਾਰੀ ਦਿੰਦੇ ਹੋਏ ਮੰਤਰੀ ਹਰਜੋਤ ਸਿੰਘ ਬੈਂਸ


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ; ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ 'ਤੇ ਰਹੇਗਾ ਵਿਸ਼ੇਸ਼ ਧਿਆਨਚੰਡੀਗੜ੍ਹ, 12 ਨਵੰਬਰ (ਹਿੰ.ਸ.)| ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਦੇ ਖੇਤਰ ਵਿੱਚ ਕੌਮੀ ਪੱਧਰ 'ਤੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। 'ਸਵੱਛ ਸਰਵੇਖਣ 2025-26' ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਸਭ ਤੋਂ ਬਿਹਤਰੀਨ ਸਵੱਛ ਸ਼ਹਿਰ ਐਲਾਨਿਆ ਗਿਆ ਹੈ। ਇਸ ਪ੍ਰਾਪਤੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਨੂੰ ਮਾਡਲ ਸ਼ਹਿਰਾਂ ਵਜੋਂ ਵਿਕਸਤ ਕਰਨ ਦੀ ਯੋਜਨਾ ਬਣਾਈ ਗਈ ਹੈ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲੀ ਇਹ ਮਾਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ 'ਮਿਸ਼ਨ ਕਲੀਨ ਪੰਜਾਬ' ਅਤੇ ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਸੇਵਕਾਂ ਤੇ ਸ਼ਹਿਰ ਵਾਸੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਸੀ। ਇਸ ਦੌਰਾਨ ਸਫ਼ਾਈ ਸੇਵਕਾਂ ਨੇ ਠੰਢ ਦੇ ਬਾਵਜੂਦ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਦੀਆਂ ਗਲੀਆਂ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਨੇ ਸਫ਼ਾਈ ਦੇ ਮਾਮਲੇ ਵਿੱਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ 2000 ਤੋਂ ਵੱਧ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਗਈ ਸੀ, ਜਿੱਥੇ ਵੱਡੀ ਮਾਤਰਾ ਵਿੱਚ ਕੂੜਾ ਇਕੱਠਾ ਹੁੰਦਾ ਸੀ। ਇਨ੍ਹਾਂ ਵਿੱਚੋਂ 1300 ਤੋਂ ਵੱਧ ਥਾਵਾਂ ਨੂੰ ਸਾਫ਼ ਕਰਕੇ ਕੂੜੇ ਦੇ ਡੰਪ ਖ਼ਤਮ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ।

ਸਫ਼ਾਈ ਕਰਮਚਾਰੀਆਂ ਦੀ ਭਲਾਈ ਬਾਰੇ ਗੱਲ ਕਰਦਿਆਂ ਬੈਂਸ ਨੇ ਦੱਸਿਆ ਕਿ ਆਊਟਸੋਰਸ ਸਫ਼ਾਈ ਸੇਵਕਾਂ ਨੂੰ ਸਿੱਧੇ ਠੇਕੇ ਅਧੀਨ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਠੇਕਾ ਆਧਾਰਿਤ ਸਫ਼ਾਈ ਸਟਾਫ਼ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,520 ਰੁਪਏ ਕਰ ਦਿੱਤਾ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਅਤੇ ਨਿਯੁਕਤੀ ਪੱਤਰ ਦੇਣ ਲਈ ਪਹਿਲਾ ਸਮਾਗਮ ਨੰਗਲ ਵਿਖੇ ਕਰਵਾਇਆ ਗਿਆ ਸੀ।

ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਤਿ-ਆਧੁਨਿਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ ਜੀਪੀਐਸ ਤਕਨੀਕ ਰਾਹੀਂ ਘਰ-ਘਰ ਕੂੜਾ ਇਕੱਠਾ ਕਰਨ ਅਤੇ ਸਫ਼ਾਈ ਪ੍ਰਬੰਧਾਂ ਦੀ ਅਸਲ ਸਮੇਂ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਪ੍ਰਣਾਲੀ ਰਾਹੀਂ ਹਰ ਗਲੀ ਅਤੇ ਘਰ ਦੀ ਮੈਪਿੰਗ ਕੀਤੀ ਗਈ ਹੈ। ਇਸ ਨਾਲ ਇਹ ਵੀ ਪਤਾ ਲੱਗ ਸਕੇਗਾ ਕਿ ਕਿਹੜਾ ਸਫ਼ਾਈ ਕਰਮਚਾਰੀ ਕਿਸ ਗਲੀ ਵਿੱਚ ਪਹੁੰਚਿਆ ਅਤੇ ਕਿਸ ਘਰ ਤੋਂ ਕਦੋਂ ਕੂੜਾ ਇਕੱਠਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਰਕਾਰ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਦੇ ਆਲੇ-ਦੁਆਲੇ ਸਫ਼ਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਤਿੰਨਾਂ ਪਵਿੱਤਰ ਸ਼ਹਿਰਾਂ ਨੂੰ ਸਫ਼ਾਈ ਪੱਖੋਂ ਮਿਸਾਲੀ ਸ਼ਹਿਰ ਬਣਾਉਣਾ ਸਰਕਾਰ ਦਾ ਟੀਚਾ ਹੈ।

ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਸਫ਼ਾਈ ਸੇਵਕਾਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਰਹਿਣ ਯੋਗ ਬਣਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande