
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਰਿਹਾਇਸ਼, ਆਵਾਜਾਈ, ਸੁਰੱਖਿਆ ਅਤੇ ਸਫ਼ਾਈ ਦੇ ਹੋਣਗੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ, 13 ਨਵੰਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਗਾਮੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਨੂੰ ਸ਼ਾਂਤਮਈ, ਸਤਿਕਾਰਯੋਗ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਭਾ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ਼ਹੀਦੀ ਸਭਾ ਦੌਰਾਨ ਲਗਭਗ 80 ਲੱਖ ਸੰਗਤ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਸੀ। ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਮੁੱਖ ਮੰਤਰੀ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਜੰਗੀ ਪੱਧਰ 'ਤੇ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸੰਗਤ ਦੀ ਆਵਾਜਾਈ ਲਈ 200 ਸ਼ਟਲ ਬੱਸਾਂ ਚਲਾਈਆਂ ਜਾਣਗੀਆਂ ਅਤੇ ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਈ-ਰਿਕਸ਼ਿਆਂ ਦੀ ਗਿਣਤੀ ਵੀ ਵਧਾਈ ਜਾਵੇਗੀ। ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਐਕਸਪ੍ਰੈੱਸਵੇਅ ਅਤੇ ਮੁੱਖ ਸੜਕਾਂ ਉੱਤੇ ਡਾਇਵਰਸ਼ਨ ਪੁਆਇੰਟਾਂ ਦੀ ਵਿਸ਼ੇਸ਼ ਨਿਸ਼ਾਨਦੇਹੀ ਕੀਤੀ ਜਾਵੇਗੀ।
ਸੰਗਤ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 20 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾਣਗੇ। ਇਸ ਤੋਂ ਇਲਾਵਾ ਰਾਤ ਸਮੇਂ ਠਹਿਰਨ ਲਈ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਕਰਕੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੀ ਸਫ਼ਾਈ ਲਈ ਨਗਰ ਕੌਂਸਲ ਦੇ ਕਰਮਚਾਰੀਆਂ ਤੋਂ ਇਲਾਵਾ 50 ਵਾਧੂ ਵਲੰਟੀਅਰ ਤਾਇਨਾਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ, ਜਨਤਕ ਸਹੂਲਤਾਂ ਦੀ ਸਾਂਭ-ਸੰਭਾਲ ਅਤੇ ਮੋਬਾਈਲ ਨੈੱਟਵਰਕ ਦੀ ਸਮਰੱਥਾ ਵਧਾਉਣ ਲਈ ਵਾਧੂ ਮੋਬਾਈਲ ਟਾਵਰ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।
ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਨੂੰ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਲਈ ਕਿਹਾ। ਇਸ ਤਹਿਤ ਛੇ ਪੁਲਿਸ ਹੈਲਪ ਡੈਸਕ, ਵਾਚਟਾਵਰ, ਮੋਟਰਸਾਈਕਲ ਗਸ਼ਤ ਯੂਨਿਟਾਂ ਅਤੇ ਵਿਸ਼ੇਸ਼ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਸੰਗਤ ਦੀ ਆਵਾਜਾਈ ਅਤੇ ਸੁਰੱਖਿਆ ਉੱਤੇ ਨਜ਼ਰ ਰੱਖਣ ਲਈ ਏਆਈ ਆਧਾਰਿਤ ਕੈਮਰੇ ਅਤੇ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਸਾਂਝਾ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰਹੇਗਾ, ਤਾਂ ਜੋ ਸ਼ਿਕਾਇਤਾਂ ਅਤੇ ਐਮਰਜੈਂਸੀ ਸਥਿਤੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਸੰਗਤ ਨੂੰ ਇਸ ਪਵਿੱਤਰ ਧਰਤੀ ਦੇ ਦਰਸ਼ਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH