ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਫਾਇਰਿੰਗ ਦੌਰਾਨ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖ਼ਮੀ
ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਵਿੱਚ ਤਣਾਅ ਦਾ ਮਾਹੌਲ, ਪੁਲਿਸ ਨੇ ਮੌਕੇ ਤੋਂ ਦੋ ਖਾਲੀ ਖੋਲ ਕੀਤੇ ਬਰਾਮਦ ਕਪੂਰਥਲਾ, 13 ਨਵੰਬਰ (ਹਿੰ.ਸ.)| ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਅਧੀਨ ਪੈਂਦੇ ਪਿੰਡ ਟਿੱਬਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ
ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਫਾਇਰਿੰਗ ਦੌਰਾਨ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖ਼ਮੀ


ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਵਿੱਚ ਤਣਾਅ ਦਾ ਮਾਹੌਲ, ਪੁਲਿਸ ਨੇ ਮੌਕੇ ਤੋਂ ਦੋ ਖਾਲੀ ਖੋਲ ਕੀਤੇ ਬਰਾਮਦ

ਕਪੂਰਥਲਾ, 13 ਨਵੰਬਰ (ਹਿੰ.ਸ.)| ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਅਧੀਨ ਪੈਂਦੇ ਪਿੰਡ ਟਿੱਬਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਾਲੇ ਹੋਈ ਕੁੱਟਮਾਰ ਤੋਂ ਬਾਅਦ ਫਾਇਰਿੰਗ ਵੀ ਹੋਈ, ਜਿਸ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਇੱਕ ਧਿਰ ਦੇ ਗੁਰਤਾਜ ਸਿੰਘ ਨੇ ਦੋਸ਼ ਲਾਇਆ ਕਿ ਜ਼ਮੀਨ ਸਬੰਧੀ ਵਿਵਾਦ ਦਾ ਨਿਪਟਾਰਾ ਪਹਿਲਾਂ ਹੀ ਪੰਚਾਇਤ ਪੱਧਰ ’ਤੇ ਹੋ ਚੁੱਕਾ ਸੀ, ਪਰ ਇਸ ਦੇ ਬਾਵਜੂਦ ਦੂਜੀ ਧਿਰ ਵੱਲੋਂ ਮੁੜ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੁਰਤਾਜ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ’ਤੇ ਸਿੱਧੀ ਫਾਇਰਿੰਗ ਕੀਤੀ ਗਈ। ਉਨ੍ਹਾਂ ਮੁਤਾਬਕ, ਘਟਨਾ ਸਥਾਨ ਤੋਂ ਇੱਕ ਰਿਵਾਲਵਰ ਵੀ ਬਰਾਮਦ ਹੋਇਆ, ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮੌਕੇ ’ਤੇ ਹਵਾਈ ਫਾਇਰਿੰਗ ਹੋਈ ਸੀ ਅਤੇ ਘਟਨਾ ਸਥਾਨ ਤੋਂ ਦੋ ਖਾਲੀ ਕਾਰਤੂਸ ਦੇ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ, ਝੜਪ ਦੌਰਾਨ ਜ਼ਖ਼ਮੀ ਹੋਏ ਪ੍ਰਵਾਸੀ ਮਜ਼ਦੂਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਹ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ, ਜਿਸ ਕਾਰਨ ਉਸ ਦਾ ਪੱਖ ਸਾਹਮਣੇ ਨਹੀਂ ਆ ਸਕਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande