ਜਾਖੜ ਨੇ ਕੇਜਰੀਵਾਲ ਵੱਲੋਂ ਮੁਹਾਲੀ ਵਿੱਚ ਐੱਫਆਈਆਰ ਦਰਜ ਕਰਵਾਉਣ ’ਤੇ ਚੁੱਕੇ ਸਵਾਲ, ‘ਆਪ’ ’ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦੇ ਲਾਏ ਦੋਸ਼
ਕਿਹਾ, ‘ਆਪ’ ਨੇ ਪੰਜਾਬ ਦੀ ਸਿਆਸਤ ਦਾ ਕੀਤਾ ਅਪਰਾਧੀਕਰਨ, ਚੋਣਾਂ ਵਿੱਚ ਪਾਰਟੀ ਦਾ ਹੋਵੇਗਾ ਸਫ਼ਾਇਆ ਚੰਡੀਗੜ੍ਹ, 13 ਨਵੰਬਰ (ਹਿੰ.ਸ.)| ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸੰਬੋਧਨ ਕਰਦੇ ਹੋਏ


ਕਿਹਾ, ‘ਆਪ’ ਨੇ ਪੰਜਾਬ ਦੀ ਸਿਆਸਤ ਦਾ ਕੀਤਾ ਅਪਰਾਧੀਕਰਨ, ਚੋਣਾਂ ਵਿੱਚ ਪਾਰਟੀ ਦਾ ਹੋਵੇਗਾ ਸਫ਼ਾਇਆ

ਚੰਡੀਗੜ੍ਹ, 13 ਨਵੰਬਰ (ਹਿੰ.ਸ.)| ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਜੇਕਰ ਕੇਜਰੀਵਾਲ ਪੰਜਾਬ ਵਿੱਚ ਚੋਣ ਲੜਨ ਤੋਂ ਪਿੱਛੇ ਹਟ ਰਹੇ ਹਨ ਤਾਂ ਉਨ੍ਹਾਂ ਨੇ ਗੈਂਗਸਟਰ ਵੱਲੋਂ ਮਿਲੀ ਕਥਿਤ ਧਮਕੀ ਦੇ ਮਾਮਲੇ ਵਿੱਚ ਮੁਹਾਲੀ ਵਿਖੇ ਐੱਫਆਈਆਰ ਕਿਉਂ ਦਰਜ ਕਰਵਾਈ? ਉਨ੍ਹਾਂ ਕਿਹਾ ਕਿ ਧਮਕੀ ਦਿੱਲੀ ਵਿੱਚ ਇੱਕ ਵਿਧਾਇਕ ਨੂੰ ਮਿਲੀ ਸੀ, ਇਸ ਲਈ ਸ਼ਿਕਾਇਤ ਵੀ ਦਿੱਲੀ ਵਿੱਚ ਦਰਜ ਹੋਣੀ ਚਾਹੀਦੀ ਸੀ।

ਜਾਖੜ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਸੱਚਮੁੱਚ ਜਾਨ ਦਾ ਖ਼ਤਰਾ ਹੈ ਤਾਂ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੌਮੀ ਜਾਂਚ ਏਜੰਸੀ (ਐੱਨਆਈਏ) ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਨੀ ਚਾਹੀਦੀ ਹੈ, ਤਾਂ ਜੋ ਧਮਕੀ ਦੀ ਸੱਚਾਈ ਸਾਹਮਣੇ ਆ ਸਕੇ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਫਿਰੌਤੀ ਦੀਆਂ ਕਾਲਾਂ ਆਮ ਹੋ ਗਈਆਂ ਹਨ ਅਤੇ ਆਮ ਲੋਕ ਇਸ ਦਾ ਖ਼ਮਿਆਜ਼ਾ ਭੁਗਤ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲਿਸ ਲੋਕਾਂ ਨੂੰ ਗੈਂਗਸਟਰਾਂ ਨਾਲ ਗੱਲਬਾਤ ਕਰਕੇ ਘੱਟ ਰਕਮ ਵਿੱਚ ਮਾਮਲਾ ਨਿਪਟਾਉਣ ਦੀ ਸਲਾਹ ਦਿੰਦੀ ਹੈ।

ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਜੇਲ੍ਹ ਅੰਦਰੋਂ ਇੰਟਰਵਿਊਆਂ ਕਰਵਾਉਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨੇ ਗੈਂਗਸਟਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸਤ ਵਿੱਚ ਲਿਆ ਕੇ ਸੂਬੇ ਦੀ ਸਿਆਸਤ ਦਾ ਅਪਰਾਧੀਕਰਨ ਕੀਤਾ ਹੈ।

ਉਨ੍ਹਾਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਨੂੰ ਪੰਜਾਬ ਵਿੱਚ ‘ਆਪ’ ਦੇ ਸਿਆਸੀ ਉਭਾਰ ਤੋਂ ਬਾਅਦ ਵਾਪਰੀਆਂ ਘਟਨਾਵਾਂ ਨਾਲ ਜੋੜਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਦਿੱਲੀ ਦੇ ਆਗੂਆਂ ਦੇ ਇਸ਼ਾਰੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਰਾਦਰ ਕਰਨ ਦੇ ਦੋਸ਼ ਲਾਏ।

ਜਾਖੜ ਨੇ ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਵਿੱਚ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੀ ਸਿਆਸੀ ਹਮਾਇਤ ਕਰਨ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸਤ ਵਿੱਚ ਥਾਂ ਦੇਣ ਦੇ ਨਤੀਜੇ ਪੰਜਾਬ ਨੂੰ ਭੁਗਤਣੇ ਪੈ ਸਕਦੇ ਹਨ।

ਜਾਖੜ ਨੇ ਅਬੋਹਰ ਦੇ ਗੱਗੀ ਨਾਂ ਦੇ ਵਿਅਕਤੀ ਦੀਆਂ ਕੁਝ ਤਸਵੀਰਾਂ ਮੀਡੀਆ ਨਾਲ ਸਾਂਝੀਆਂ ਕਰਦਿਆਂ ਦਾਅਵਾ ਕੀਤਾ ਕਿ ਉਸ ਖ਼ਿਲਾਫ਼ ਨਸ਼ਾ ਤਸਕਰੀ ਦੇ 14 ਮਾਮਲੇ ਦਰਜ ਹਨ ਅਤੇ ਉਹ ਪੁਲਿਸ ਮੁਲਾਜ਼ਮਾਂ ਨਾਲ ਦੀਵਾਲੀ ਮਨਾਉਂਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਹਾਲਾਤ ਵਿੱਚ ਆਮ ਲੋਕ ਪੁਲਿਸ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕਰ ਸਕਦੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰ ਆਪਣੇ ਪਰਿਵਾਰਕ ਮੈਂਬਰਾਂ ਰਾਹੀਂ ਸਿਆਸਤ ਵਿੱਚ ਦਾਖ਼ਲ ਹੋ ਕੇ ਅਪਰਾਧਿਕ ਸਰਗਰਮੀਆਂ ਨੂੰ ਅੱਗੇ ਵਧਾ ਰਹੇ ਹਨ।

ਜਾਖੜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ, ਪਰ ਪਾਰਟੀ ਵੱਲੋਂ ਸਿਆਸਤ ਦੇ ਕਥਿਤ ਅਪਰਾਧੀਕਰਨ ਦੇ ਨਤੀਜੇ ਸੂਬੇ ਨੂੰ ਲੰਮੇ ਸਮੇਂ ਤੱਕ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਬੱਚਿਆਂ ਦੀ ਸੁਰੱਖਿਆ ਅਤੇ ਸੂਬੇ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਫ਼ੈਸਲਾ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande