
ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਨੂੰ 'ਰਾਜਾ ਪੋਰਸ ਐਵਾਰਡ' ਨਾਲ ਕੀਤਾ ਸਨਮਾਨਿਤ
ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਬਚਾਉਣ ਲਈ ਭਾਜਪਾ ਸਰਕਾਰ ਜ਼ਰੂਰੀ: ਢਿੱਲੋਂ
ਚੰਡੀਗੜ੍ਹ, 13 ਨਵੰਬਰ (ਹਿੰ.ਸ.)| ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸੁਪਨਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਵਰਗਾ ਖ਼ੁਸ਼ਹਾਲ, ਸੁਰੱਖਿਅਤ ਅਤੇ ਭਾਈਚਾਰਕ ਸਾਂਝ ਵਾਲਾ ਰਾਜ ਮੁੜ ਸਥਾਪਤ ਕਰਨਾ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕ ਆਪਸੀ ਪਿਆਰ ਅਤੇ ਸਤਿਕਾਰ ਨਾਲ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਅਤੇ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ ਹੈ।
ਢਿੱਲੋਂ ਰੂਪਨਗਰ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ 'ਰਾਜਾ ਪੋਰਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ 'ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ' ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ 'ਭਾਈ ਘਨ੍ਹੱਈਆ ਜੀ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ।
ਐਵਾਰਡ ਪ੍ਰਾਪਤ ਕਰਨ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਇਸ ਸਨਮਾਨ ਨੂੰ ਆਪਣੇ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਦੱਸਿਆ। ਉਨ੍ਹਾਂ ਰਾਜਾ ਪੋਰਸ ਦੇ ਇਤਿਹਾਸ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੇਹਲਮ ਦੇ ਕੰਢੇ ਸਿਕੰਦਰ ਵਰਗੇ ਸ਼ਕਤੀਸ਼ਾਲੀ ਹਮਲਾਵਰ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਸੀ। ਕੈਦ ਹੋਣ ਦੇ ਬਾਵਜੂਦ ਉਨ੍ਹਾਂ ਆਪਣੀ ਅਣਖ ਅਤੇ ਸਵੈਮਾਣ ਨਾਲ ਸਮਝੌਤਾ ਨਹੀਂ ਕੀਤਾ। ਅਜਿਹੇ ਮਹਾਨ ਯੋਧੇ ਦੇ ਨਾਮ 'ਤੇ ਸਨਮਾਨ ਮਿਲਣਾ ਮਾਣ ਵਾਲੀ ਗੱਲ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਖ਼ਾਲਸਾ ਰਾਜ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਧਾਰਮਿਕ ਸਾਂਝ ਅਤੇ ਸਰਬ-ਸਾਂਝੀਵਾਲਤਾ ਸੀ। ਉਸ ਸਮੇਂ ਸਿੱਖ, ਹਿੰਦੂ ਅਤੇ ਮੁਸਲਮਾਨ ਮਿਲ ਕੇ ਰਹਿੰਦੇ ਸਨ ਅਤੇ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਭਾਈ ਘਨ੍ਹੱਈਆ ਜੀ ਦੀ ਨਿਰਪੱਖ ਸੇਵਾ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸਾਂਝੀਵਾਲਤਾ ਪੰਜਾਬ ਦੀ ਅਸਲ ਵਿਰਾਸਤ ਹਨ।
ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਕਰਜ਼ਾ ਲਗਭਗ 2.82 ਲੱਖ ਕਰੋੜ ਰੁਪਏ ਤੋਂ ਵਧ ਕੇ 5 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਵੀ ਸਰਕਾਰ ਨੂੰ ਹਾਈਕੋਰਟ ਵੱਲੋਂ ਜੁਰਮਾਨੇ ਲੱਗਣ ਦਾ ਉਨ੍ਹਾਂ ਜ਼ਿਕਰ ਕੀਤਾ।
ਉਨ੍ਹਾਂ ਗਲੋਬਲ ਪੰਜਾਬੀ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੀ ਮਾਂ-ਬੋਲੀ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਸ਼ਲਾਘਾਯੋਗ ਯਤਨ ਕਰ ਰਹੀ ਹੈ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ, ਜਸਵਿੰਦਰ ਸਿੰਘ ਢਿੱਲੋਂ ਅਤੇ ਅਜੈਵੀਰ ਸਿੰਘ ਲਾਲਪੁਰਾ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH