
ਕਪੂਰਥਲਾ, 14 ਨਵੰਬਰ (ਹਿੰ.ਸ.)। ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਾਂਝੇ ਯਤਨਾਂ ਸਦਕਾ ਬਦਲਾਅ ਦੀ ਨਵੀਂ ਤਸਵੀਰ ਉੱਭਰ ਰਹੀ ਹੈ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਬੂਟ, ਲੱਖਣ ਖੋਲੇ, ਹਮੀਰਾ ਅਤੇ ਡੋਗਰਾਂਵਾਲ ਦਾ ਦੌਰਾ ਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ, ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਕਈ ਵਿਕਾਸਮੁਖੀ ਅਤੇ ਲੋਕ-ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ।
ਪਿੰਡ ਬੂਟ ਵਿੱਚ ਵਾਲੀਬਾਲ, ਬਾਸਕਟਬਾਲ, ਦੌੜਨ ਲਈ ਟਰੈਕ ਅਤੇ ਹੋਰ ਖੇਡ ਗਤੀਵਿਧੀਆਂ ਦੀਆਂ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਧੁਨਿਕ ਸਹੂਲਤਾਂ ਅਤੇ ਨਵੇਂ ਉਪਕਰਨਾਂ ਨਾਲ ਲੈਸ ਜਿੰਮ ਵੀ ਸਥਾਪਿਤ ਕੀਤਾ ਜਾਵੇਗਾ। ਪਿੰਡ ਦੇ 11 ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਅਤੇ ਹੋਰਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸਵੈ-ਰੁਜ਼ਗਾਰ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਵੀ ਪ੍ਰਸ਼ਾਸਨ ਵੱਲੋਂ ਸਹਾਇਤਾ ਕੀਤੀ ਜਾਵੇਗੀ। ਪਿੰਡ ਵਿੱਚ ਪਹਿਲਾਂ ਹੀ ਓਪਨ ਜਿੰਮ ਸਥਾਪਿਤ ਕੀਤਾ ਜਾ ਚੁੱਕਾ ਹੈ, ਜਦਕਿ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਯਤਨਾਂ ਸਦਕਾ ਇਨ੍ਹਾਂ ਪਿੰਡਾਂ ਵਿੱਚ ਹਾਂ-ਪੱਖੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਦੀ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਪਛਾਣੇ ਗਏ ਵਿਅਕਤੀਆਂ ਨੂੰ ਢੁੱਕਵਾਂ ਡਾਕਟਰੀ ਇਲਾਜ, ਕਾਊਂਸਲਿੰਗ ਅਤੇ ਸਿਹਤਯਾਬੀ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਾਸਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਵਿਕਾਸ ਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ, ਪੁਲਿਸ, ਪੰਚਾਇਤਾਂ ਅਤੇ ਸਥਾਨਕ ਵਸਨੀਕਾਂ ਦੇ ਸਾਂਝੇ, ਸੁਚੱਜੇ ਅਤੇ ਨਿਰੰਤਰ ਯਤਨ ਬੇਹੱਦ ਜ਼ਰੂਰੀ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਦਾ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ