‘ਮੇਰੀ ਰਸੋਈ’ ਯੋਜਨਾ ਤਹਿਤ ਦੂਜੀ ਤਿਮਾਹੀ ’ਚ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਹੋਈ ਵੰਡ
ਲੁਧਿਆਣਾ 3.75 ਲੱਖ ਤੋਂ ਵੱਧ ਕਿੱਟਾਂ ਵੰਡ ਕੇ ਸੂਬੇ ’ਚ ਪਹਿਲੇ ਸਥਾਨ ’ਤੇ, ਪਟਿਆਲਾ ਦੂਜੇ ਅਤੇ ਬਠਿੰਡਾ ਤੀਜੇ ਨੰਬਰ ’ਤੇ ਚੰਡੀਗੜ੍ਹ, 14 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੇਰੀ ਰਸੋਈ
‘ਮੇਰੀ ਰਸੋਈ’ ਯੋਜਨਾ ਤਹਿਤ ਦੂਜੀ ਤਿਮਾਹੀ ’ਚ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਹੋਈ ਵੰਡ


ਲੁਧਿਆਣਾ 3.75 ਲੱਖ ਤੋਂ ਵੱਧ ਕਿੱਟਾਂ ਵੰਡ ਕੇ ਸੂਬੇ ’ਚ ਪਹਿਲੇ ਸਥਾਨ ’ਤੇ, ਪਟਿਆਲਾ ਦੂਜੇ ਅਤੇ ਬਠਿੰਡਾ ਤੀਜੇ ਨੰਬਰ ’ਤੇ

ਚੰਡੀਗੜ੍ਹ, 14 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਯੋਜਨਾ ਅਧੀਨ ਦੂਜੀ ਤਿਮਾਹੀ ਦੌਰਾਨ ਹੁਣ ਤੱਕ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਸੂਬੇ ਦੇ 40 ਲੱਖ ਯੋਗ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਪਹੁੰਚਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਯੋਜਨਾ ਨੂੰ ਮਿਸ਼ਨ ਮੋਡ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਲੋੜਵੰਦ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਰੋਜ਼ਾਨਾ ਖਾਣੇ ਵਿੱਚ ਵਰਤੀਆਂ ਜਾਣ ਵਾਲੀਆਂ ਹੋਰ ਜ਼ਰੂਰੀ ਖੁਰਾਕੀ ਵਸਤਾਂ ਵੀ ਮੁਹੱਈਆ ਕਰਵਾਉਣਾ ਹੈ।ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ। ਇਸ ਕਿੱਟ ਵਿੱਚ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਸਾਰੀਆਂ ਵਸਤਾਂ ਪਰਿਵਾਰ ਦੀਆਂ ਮਹੀਨਾਵਾਰ ਖੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਸ਼ਾਮਲ ਕੀਤੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਤਹਿਤ ਪਹਿਲਾਂ ਤੋਂ ਮਿਲ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ।ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਲੁਧਿਆਣਾ ਜ਼ਿਲ੍ਹਾ ਸਭ ਤੋਂ ਅੱਗੇ ਰਿਹਾ ਹੈ। ਇੱਥੇ ਹੁਣ ਤੱਕ 3,75,831 ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਪਟਿਆਲਾ 2,40,975 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ ’ਤੇ ਅਤੇ ਬਠਿੰਡਾ 1,94,584 ਕਿੱਟਾਂ ਨਾਲ ਤੀਜੇ ਸਥਾਨ ’ਤੇ ਰਿਹਾ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ 1,89,580 ਅਤੇ ਫਾਜ਼ਿਲਕਾ ਵਿੱਚ 1,65,338 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਇਹ ਅੰਕੜੇ ਸੂਬੇ ਭਰ ਵਿੱਚ ਯੋਜਨਾ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੇ ਹਨ।

ਇਸ ਯੋਜਨਾ ਤਹਿਤ ਵੰਡੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਂਦੀ ਹੈ। ਰਾਸ਼ਨ ਕਿੱਟਾਂ ਦੀ ਸਹੀ ਅਤੇ ਪਾਰਦਰਸ਼ੀ ਵੰਡ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।ਸਰਕਾਰ ਵੱਲੋਂ ਵੰਡ ਪ੍ਰਕਿਰਿਆ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੋਹਰੀ ਐਂਟਰੀ ਜਾਂ ਬੇਨਿਯਮੀ ਨੂੰ ਰੋਕਿਆ ਜਾ ਸਕੇ ਅਤੇ ਹਰ ਯੋਗ ਲਾਭਪਾਤਰੀ ਤੱਕ ਕਿੱਟ ਪਹੁੰਚ ਸਕੇ।ਸਰਕਾਰ ਅਨੁਸਾਰ ਇਸ ਯੋਜਨਾ ਦਾ ਮੁੱਖ ਮਕਸਦ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਰਫ਼ ਅਨਾਜ ਹੀ ਨਹੀਂ, ਸਗੋਂ ਦਾਲਾਂ, ਖਾਣਾ ਪਕਾਉਣ ਵਾਲਾ ਤੇਲ ਅਤੇ ਹੋਰ ਜ਼ਰੂਰੀ ਖੁਰਾਕੀ ਵਸਤਾਂ ਵੀ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਦੀ ਪੌਸ਼ਟਿਕ ਖੁਰਾਕ ਦੀ ਲੋੜ ਪੂਰੀ ਹੋ ਸਕੇ। ‘ਮੇਰੀ ਰਸੋਈ’ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ ਭੋਜਨ ਸੁਰੱਖਿਆ ਦੇ ਨਾਲ-ਨਾਲ ਲੋਕਾਂ ਦੇ ਪੋਸ਼ਣ ਪੱਧਰ ਨੂੰ ਬਿਹਤਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande