
ਫ਼ਿਰੋਜ਼ਪੁਰ, 14 ਨਵੰਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਤਕਨੀਕੀ ਸਿੱਖਿਆ, ਹੁਨਰ ਵਿਕਾਸ ਅਤੇ ਖੇਡਾਂ ਨੂੰ ਆਪਣੇ ਵਿਕਾਸ ਏਜੰਡੇ ਦਾ ਕੇਂਦਰ ਬਣਾ ਕੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਹ ਫ਼ਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਨਿਮਰ ਰਹਿਣ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਲਈ ਬਜਟ ਦਾ 26 ਫ਼ੀਸਦੀ ਹਿੱਸਾ ਰੱਖਿਆ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਵੱਡੇ ਕਦਮ ਚੁੱਕੇ ਹਨ। ਇਸ ਦਾ ਨਤੀਜਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਹੋਏ ਸੁਧਾਰ ਨੂੰ ਦਰਸਾਉਂਦੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2021 ਵਿੱਚ 98 ਏਕੜ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਇਸ ਸਮੇਂ 2,600 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਅਗਲੇ ਸਾਲ ਤੱਕ ਦਾਖ਼ਲਿਆਂ ਦੀ ਗਿਣਤੀ ਦੁੱਗਣੀ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਉੱਚ ਸਿੱਖਿਆ ਦੇ ਮੌਕੇ ਵਧਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਡਾਕਟਰ ਜਾਂ ਇੰਜਨੀਅਰ ਬਣਨ ਤੱਕ ਆਪਣੇ ਸੁਪਨਿਆਂ ਨੂੰ ਸੀਮਤ ਨਾ ਰੱਖਣ, ਸਗੋਂ ਕਾਰੋਬਾਰ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਆਪਣੀ ਪ੍ਰਤਿਭਾ ਦਿਖਾਉਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਡਾਂ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਤਾਂ ਜੋ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਵਧੇਰੇ ਮੌਕੇ ਮਿਲ ਸਕਣ।
ਮੁੱਖ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ 'ਤੇ ਆਪਣੀਆਂ ਇੱਛਾਵਾਂ ਥੋਪਣ ਦੀ ਬਜਾਏ ਉਨ੍ਹਾਂ ਦੀ ਰੁਚੀ ਅਤੇ ਪ੍ਰਤਿਭਾ ਅਨੁਸਾਰ ਅੱਗੇ ਵਧਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਕੁਝ ਵੱਖਰਾ ਕਰਨ ਦੀ ਸਮਰੱਥਾ ਹੁੰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਤਿਆਰੀ ਕੈਂਪ ਲਗਾਏ ਜਾਣਗੇ। ਇਸ ਸਬੰਧੀ ਥਲ ਸੈਨਾ ਮੁਖੀ ਅਤੇ ਪੱਛਮੀ ਕਮਾਂਡ ਦੇ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਮੌਕੇ ਲੱਭਣ ਦੇ ਨਾਲ-ਨਾਲ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਨਾਲ ਦੇਸ਼-ਵਿਦੇਸ਼ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH