ਅਕਾਲੀ ਦਲ ਨੂੰ ਦੋਆਬਾ ’ਚ ਵੱਡਾ ਹੁਲਾਰਾ, ਬੀਬੀ ਜਗੀਰ ਕੌਰ ਦੀ ਪਾਰਟੀ ’ਚ ਵਾਪਸੀ
ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਭੁਲੱਥ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਮੁੜ ਅਕਾਲੀ ਦਲ ’ਚ ਆਉਣ ਦੀ ਅਪੀਲ ਕਪੂਰਥਲਾ, 15 ਨਵੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੂੰ ਦੋਆਬਾ ਖੇਤਰ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ
ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਸ਼ਾਮਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ


ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਭੁਲੱਥ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਮੁੜ ਅਕਾਲੀ ਦਲ ’ਚ ਆਉਣ ਦੀ ਅਪੀਲ

ਕਪੂਰਥਲਾ, 15 ਨਵੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੂੰ ਦੋਆਬਾ ਖੇਤਰ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰ ਲਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਭੁਲੱਥ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ।

ਬੇਗੋਵਾਲ ਵਿੱਚ ਕਰਵਾਏ ਗਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਛੱਡ ਕੇ ਗਏ ਸਾਰੇ ਅਕਾਲੀ ਆਗੂਆਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਜਥੇਬੰਦੀ ਹੈ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਪੰਜਾਬ ਤੋਂ ਬਾਹਰ ਕਰਨ ਲਈ ਸਾਰੇ ਅਕਾਲੀਆਂ ਨੂੰ ਇਕ ਮੰਚ ’ਤੇ ਇਕੱਠੇ ਹੋਣਾ ਚਾਹੀਦਾ ਹੈ।

ਉਨ੍ਹਾਂ ਬੀਬੀ ਜਗੀਰ ਕੌਰ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਵਿਧਾਇਕ ਚੁਣਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਭੁਲੱਥ ਇਕ ਪੰਥਕ ਹਲਕਾ ਹੈ ਅਤੇ ਅਕਾਲੀ ਦਲ ਦਾ ਮਜ਼ਬੂਤ ਗੜ੍ਹ ਰਿਹਾ ਹੈ। ਬੀਬੀ ਜਗੀਰ ਕੌਰ ਦੇ ਆਪਣੀ ਟੀਮ ਸਮੇਤ ਪਾਰਟੀ ਵਿੱਚ ਵਾਪਸ ਆਉਣ ਨਾਲ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ।

ਸੂਬੇ ਦੇ ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਬੇਕਾਬੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਅਤੇ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਟਾ-ਦਾਲ, ਸ਼ਗਨ, ਬੁਢਾਪਾ ਪੈਨਸ਼ਨ ਅਤੇ ਐਸਸੀ ਵਜ਼ੀਫ਼ਾ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ‘ਆਪ’ ਨੇ ਸੂਬੇ ਲਈ ਕੋਈ ਵੱਡੀ ਪ੍ਰਾਪਤੀ ਨਹੀਂ ਕੀਤੀ।

ਸੁਖਬੀਰ ਬਾਦਲ ਨੇ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੰਦ ਜਾਂ ਰੋਕੀਆਂ ਗਈਆਂ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਗੈਂਗਸਟਰਵਾਦ ਖ਼ਤਮ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਲੋਕਾਂ ਨੂੰ ‘ਆਪ’ ਅਤੇ ਕਾਂਗਰਸ ਨੂੰ ਮੁੜ ਮੌਕਾ ਨਾ ਦੇਣ ਦੀ ਅਪੀਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ‘ਆਪ’ ਆਗੂਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਦਿੱਲੀ ਦੇ ਠੇਕੇਦਾਰ ਨੂੰ ਦੇਣ ਦੀ ਵੀ ਨਿਖੇਧੀ ਕੀਤੀ ਅਤੇ ਦੋਸ਼ ਲਾਇਆ ਕਿ ਯਾਤਰਾ ਲਈ ਕੰਡਮ ਬੱਸਾਂ ਦੀ ਵਰਤੋਂ ਕੀਤੀ ਗਈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭੁਲੱਥ ਵਿੱਚ 72 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਸਮੇਤ ਵੱਖ-ਵੱਖ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਗਲਤੀਆਂ ਹੋਈਆਂ, ਪਰ ਹੁਣ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਸਮਾਗਮ ਵਿੱਚ ਰਾਜਨੀਤ ਕੌਰ, ਯੁਵਰਾਜ ਭੁਪਿੰਦਰ ਸਿੰਘ, ਸਤਪਾਲ ਸਿੰਘ ਮੁਲਤਾਨੀ, ਸੁਰਿੰਦਰਪਾਲ ਸਿੰਘ ਠੇਕੇਦਾਰ ਅਤੇ ਅਰਵਿੰਦਰ ਸਿੰਘ ਰਸੂਲਪੁਰ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande