
ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ, ਸਾਰੇ ਜ਼ਖ਼ਮੀਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਵਾਉਣ ਦਾ ਐਲਾਨ
ਅੰਮ੍ਰਿਤਸਰ, 15 ਨਵੰਬਰ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਨਾਲ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਕਾਤ ਕੀਤੀ। ਉਨ੍ਹਾਂ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਜ਼ਖ਼ਮੀਆਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਤੋਂ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਵੀ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਸਿਹਤਯਾਬ ਹੋ ਕੇ ਘਰ ਪਰਤਣਗੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਅਤੇ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਉਹ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰਾਂ ਨੂੰ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਹੁਣ ਤੱਕ 17 ਹਜ਼ਾਰ ਤੋਂ ਵੱਧ ਯਾਤਰਾਵਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਰਾਹੀਂ ਸੱਤ ਲੱਖ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰੋਜ਼ਾਨਾ 70 ਤੋਂ ਵੱਧ ਬੱਸਾਂ ਚਲਦੀਆਂ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਸ਼ਰਧਾਲੂ ਯਾਤਰਾ ਕਰਦੇ ਹਨ।
ਵਿਰੋਧੀ ਪਾਰਟੀਆਂ ਨੂੰ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਸਿਆਸੀ ਵਿਵਾਦ ਦਾ ਰੂਪ ਦੇਣ ਦੀ ਬਜਾਏ ਪੀੜਤਾਂ ਦੀ ਮਦਦ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ।
ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਵੱਲੋਂ ਐਮਰਜੈਂਸੀ ਹਾਲਾਤ ਵਿੱਚ ਤੁਰੰਤ ਕਾਰਵਾਈ ਅਤੇ ਸੜਕ ਸੁਰੱਖਿਆ ਦੇ ਉਪਰਾਲਿਆਂ ਰਾਹੀਂ ਸੂਬੇ ਵਿੱਚ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ।
ਹਿੰਦੂਸਥਾਨ ਸਮਾਚਾਰ / GURSHARAN SINGH