
ਚੰਡੀਗੜ੍ਹ, 16 ਨਵੰਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਲੱਖਾਂ ਨਾਨਕ ਨਾਮ ਲੇਵਾ ਸੰਗਤ ਪਹਿਲੇ ਸਿੱਖ ਗੁਰੂ ਸਾਹਿਬ ਨਾਲ ਜੁੜੇ ਇਸ ਪਵਿੱਤਰ ਅਸਥਾਨ 'ਤੇ ਮੁੜ ਨਤਮਸਤਕ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਰੋਜ਼ਾਨਾ ਅਰਦਾਸ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਵੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਇੱਕ ਮਤਾ ਪਾਸ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਲਦ ਤੋਂ ਜਲਦ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ।
ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜੇ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਸਕਦਾ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ। ਸਾਨੂੰ ਉੱਥੇ ਜਾਣ ਦਿੱਤਾ ਜਾਵੇ ਤਾਂ ਜੋ ਅਸੀਂ ਉਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਸਕੀਏ ਅਤੇ ਉਸੇ ਦਿਨ ਵਾਪਸ ਆ ਸਕੀਏ ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ 16 ਸਾਲ ਕਿਰਤ ਕਰਦਿਆਂ, ਖੇਤੀ ਕਰਦਿਆਂ, ਪਰਮਾਤਮਾ ਦਾ ਨਾਮ ਸਿਮਰਨ ਕਰਦਿਆਂ ਅਤੇ ਦੂਜਿਆਂ ਨਾਲ ਵੰਡ ਕੇ ਛਕਦਿਆਂ ਬਿਤਾਏ ਸਨ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਅਸੀਂ ਉੱਥੇ ਜਾ ਕੇ ਨਤਮਸਤਕ ਹੋ ਕੇ ਉਸੇ ਦਿਨ ਵਾਪਸ ਪਰਤ ਸਕੀਏ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਲਦਾਂ ਦੀ ਇੱਕ ਜੋੜੀ ਰੱਖੀ ਸੀ ਅਤੇ ਖੇਤੀਬਾੜੀ ਕਰਦੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 16 ਸਾਲ ਉੱਥੇ ਬਿਤਾਏ, ਜ਼ਮੀਨ 'ਤੇ ਮਿਹਨਤ ਕੀਤੀ, ਇਮਾਨਦਾਰੀ ਨਾਲ ਆਪਣੀ ਰੋਜ਼ੀ-ਰੋਟੀ ਕਮਾਈ, ਪਰਮਾਤਮਾ ਨੂੰ ਯਾਦ ਕੀਤਾ ਅਤੇ ਜੋ ਕੁਝ ਵੀ ਉਨ੍ਹਾਂ ਕੋਲ ਸੀ, ਉਸ ਨੂੰ ਦੂਜਿਆਂ ਨਾਲ ਸਾਂਝਾ ਕੀਤਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹੀ ਅਰਦਾਸਾਂ ਕਰਦੇ ਹਾਂ ਕਿ ਸਾਨੂੰ ਉਨ੍ਹਾਂ ਧਾਰਮਿਕ ਸਥਾਨਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਮੌਕਾ ਮਿਲੇ, ਜੋ ਸੰਗਤ ਤੋਂ ਵਿਛੜ ਗਏ ਹਨ। ਸਾਨੂੰ ਉਹ ਮੌਕਾ ਵੀ ਬਖ਼ਸ਼ੋ।”
ਹਿੰਦੂਸਥਾਨ ਸਮਾਚਾਰ / GURSHARAN SINGH