
ਫਤਿਹਗੜ੍ਹ ਸਾਹਿਬ , 16 ਨਵੰਬਰ (ਹਿੰ.ਸ.)| ਫਤਿਹਗੜ੍ਹ ਸਾਹਿਬ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਕੰਮ ਤੋਂ ਛੁੱਟੀ ਕਰਕੇ ਐਕਟਿਵਾ 'ਤੇ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸਨ। ਹਾਦਸਾ ਸਰਹਿੰਦ ਦੇ ਤਲਵਾੜਾ ਨੇੜੇ ਵਾਪਰਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਦੋਵੇਂ ਭਰਾ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੀ ਐਕਟਿਵਾ 'ਤੇ ਘਰ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਮੋਟਰਸਾਈਕਲ ਦੇ ਅੱਗੇ ਅਚਾਨਕ ਆਵਾਰਾ ਪਸ਼ੂ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮੋਟਰਸਾਈਕਲ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਉਸ ਦੀ ਬਾਈਕ ਐਕਟਿਵਾ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਰੋਹਨ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਭਰਾ ਹਰਸ਼ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੋਮਵਾਰ ਨੂੰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਮੋਟਰਸਾਈਕਲ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਭਰਾ ਕਰਨ ਕਸ਼ਯਪ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫ਼ਰਾਰ ਮੋਟਰਸਾਈਕਲ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH