
21 ਨਵੰਬਰ ਨੂੰ ਪੁਲਿਸ ਹਿਰਾਸਤ ਵਿੱਚ ਜੱਦੀ ਪਿੰਡ ਜੱਲੂਪੁਰ ਖੇੜਾ ਲਿਆਂਦੇ ਜਾਣਗੇ ਅੰਮ੍ਰਿਤਪਾਲ ਸਿੰਘ22 ਨਵੰਬਰ ਨੂੰ ਅਸਥੀਆਂ ਚੁਗਣ ਅਤੇ 23 ਨਵੰਬਰ ਨੂੰ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਸ਼ਾਮਲ
ਚੰਡੀਗੜ੍ਹ, 17 ਨਵੰਬਰ (ਹਿੰ.ਸ.)| ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਸਰ ਦੀ ਵਧੀਕ ਸੈਸ਼ਨ ਅਦਾਲਤ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਉਨ੍ਹਾਂ ਨੂੰ 21 ਨਵੰਬਰ ਨੂੰ ਪੁਲਿਸ ਹਿਰਾਸਤ ਵਿੱਚ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਣ ਦੇ ਹੁਕਮ ਦਿੱਤੇ ਹਨ।
ਅਦਾਲਤ ਦੇ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਿੰਡ ਵਿੱਚ ਰਹਿ ਸਕਣਗੇ ਅਤੇ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ। ਹਾਲਾਂਕਿ, ਉਨ੍ਹਾਂ ਨੂੰ ਇਸ ਤੋਂ ਬਾਅਦ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਅਦਾਲਤ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਨਵੀਂ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੰਤਿਮ ਸਸਕਾਰ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ 13 ਨਵੰਬਰ ਨੂੰ ਜਾਰੀ ਕੀਤੇ ਆਪਣੇ ਪੁਰਾਣੇ ਹੁਕਮਾਂ ਦੀਆਂ ਸ਼ਰਤਾਂ ਵੀ ਬਰਕਰਾਰ ਰੱਖੀਆਂ ਹਨ।
ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ 22 ਨਵੰਬਰ ਨੂੰ ਅਸਥੀਆਂ ਚੁਗਣ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋ ਸਕਣਗੇ।
ਸੁਣਵਾਈ ਦੌਰਾਨ ਸਰਕਾਰੀ ਧਿਰ ਨੇ ਅੰਮ੍ਰਿਤਪਾਲ ਸਿੰਘ ਨੂੰ ਲੰਬੇ ਸਮੇਂ ਤੱਕ ਅੰਮ੍ਰਿਤਸਰ ਵਿੱਚ ਰਹਿਣ ਦੀ ਇਜਾਜ਼ਤ ਦੇਣ ਦਾ ਵਿਰੋਧ ਕੀਤਾ। ਸਰਕਾਰੀ ਪੱਖ ਵੱਲੋਂ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ ਵਿਵਸਥਾ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਬਣਦੀ ਹੈ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਤੁਰੰਤ ਸਮਾਗਮ ਵਾਲੀ ਥਾਂ ਤੋਂ ਹਟਾ ਸਕਦੀ ਹੈ। ਲੋੜ ਪੈਣ ’ਤੇ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਸਸਕਾਰ ਵਿੱਚ ਨਿੱਜੀ ਹਾਜ਼ਰੀ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਉਹ ਖੁਦ ਚੁੱਕਣਗੇ।
ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਚਚੇਰੇ ਭਰਾ ਸੁਖਮਨਪ੍ਰੀਤ ਵੱਲੋਂ ਦਾਇਰ ਪੈਰੋਲ ਅਰਜ਼ੀਆਂ ’ਤੇ ਅਦਾਲਤ ਬੁੱਧਵਾਰ ਨੂੰ ਫੈਸਲਾ ਸੁਣਾ ਸਕਦੀ ਹੈ।
ਫਿਲਹਾਲ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਸਿਰਫ਼ ਤਿੰਨ ਘੰਟਿਆਂ ਲਈ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH