
4 ਦਸੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ, 5 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਆਉਣਗੀਆਂ ਸ਼ੋਭਾ ਯਾਤਰਾਵਾਂ
ਚੰਡੀਗੜ੍ਹ, 17 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਮੀਟਿੰਗ ਕਰਕੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ, ਤਾਂ ਜੋ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸਿਰਫ਼ ਧਾਰਮਿਕ ਸਮਾਗਮ ਨਹੀਂ, ਸਗੋਂ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਇਤਿਹਾਸਕ ਮੌਕਾ ਹੈ। ਗੁਰੂ ਜੀ ਦਾ 'ਬੇਗਮਪੁਰਾ' ਦਾ ਸੰਕਲਪ ਅਜਿਹੇ ਸਮਾਜ ਦੀ ਕਲਪਨਾ ਕਰਦਾ ਹੈ, ਜਿੱਥੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ, ਸ਼ੋਸ਼ਣ ਅਤੇ ਨਾ-ਬਰਾਬਰੀ ਨਾ ਹੋਵੇ।
ਮੁੱਖ ਮੰਤਰੀ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ 3-ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਵੀ ਖਿੱਚ ਦਾ ਕੇਂਦਰ ਰਹਿਣਗੇ।
5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਗੁਰੂ ਜੀ ਦੀ ਬਾਣੀ ਸਬੰਧੀ ਵਿਸ਼ੇਸ਼ ਕਾਨਫਰੰਸ, ਕਥਾ, ਕੀਰਤਨ ਦਰਬਾਰ ਅਤੇ ਹੋਰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਬੇਗਮਪੁਰਾ ਸਮਾਗਮ, ਕਥਾ ਤੇ ਕੀਰਤਨ ਦਰਬਾਰ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਯਾਤਰਾਵਾਂ ਲਈ ਸੁਰੱਖਿਆ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਤਹਿਤ ਸੈਮੀਨਾਰ, ਵਰਕਸ਼ਾਪਾਂ, ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮਾਂ ਦੀ ਸਕ੍ਰੀਨਿੰਗ ਅਤੇ 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ ਕਰਵਾਏ ਗਏ ਹਨ। ਇਸ ਤੋਂ ਇਲਾਵਾ ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਵੀ ਚਲਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦਾ ਸੰਦੇਸ਼ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਤੋਂ ਮੁਕਤ ਬਰਾਬਰੀ ਵਾਲਾ ਸਮਾਜ ਸਿਰਜਣ ਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸਮੁੱਚੀ ਕੈਬਨਿਟ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰੇਗੀ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH