
ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮਆਰਆਈ ਤੇ ਸੀਟੀ ਸਕੈਨ ਮਸ਼ੀਨਾਂ ਲਗਾਉਣ ਦਾ ਐਲਾਨ
ਚੰਡੀਗੜ੍ਹ, 18 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦਾ ਘੇਰਾ ਵਧਾਉਣ ਲਈ ਜਲਦ ਹੀ 333 ਹੋਰ ਪਿੰਡ ਕਲੀਨਿਕ ਖੋਲ੍ਹੇ ਜਾਣਗੇ। ਇਸ ਨਾਲ ਸੂਬੇ ਵਿੱਚ ਪਿੰਡ ਕਲੀਨਿਕਾਂ ਦੀ ਗਿਣਤੀ ਵਧ ਕੇ 591 ਹੋ ਜਾਵੇਗੀ। ਇਹ ਐਲਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 258 ਪਿੰਡ ਕਲੀਨਿਕ ਕਾਰਜਸ਼ੀਲ ਹਨ। ਇਨ੍ਹਾਂ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ 1,244 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਲ ਸਰਜਨਾਂ ਨੂੰ ਪਿੰਡ ਕਲੀਨਿਕਾਂ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਜ਼ਰੂਰੀ ਦਵਾਈਆਂ ਅਤੇ ਸਟਾਫ਼ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਭਰਿਆ ਵਿਹਾਰ ਕਰਨ ਲਈ ਵੀ ਕਿਹਾ।
ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐਮਆਰਆਈ ਅਤੇ ਸੀਟੀ ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਹਸਪਤਾਲਾਂ ਦੀ ਕਾਰਗੁਜ਼ਾਰੀ ਸੁਧਾਰਨ ਲਈ ਰੋਗੀ ਕਲਿਆਣ ਸਮਿਤੀਆਂ ਦੀਆਂ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਨਿਯਮਤ ਤੌਰ ’ਤੇ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਸੂਬੇ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਲਈ ਸਿਹਤ ਬੀਮਾ ਕਾਰਡ ਜਲਦ ਵੰਡਣ ਲਈ ਕਿਹਾ ਗਿਆ। ਉਨ੍ਹਾਂ ਪੰਜਾਬ ਦੇ ਐੱਸਟੀਈਐੱਮਆਈ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਚੰਗੀ ਕਾਰਗੁਜ਼ਾਰੀ ਵਾਲੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।
ਕਾਨਫਰੰਸ ਦੌਰਾਨ ‘ਨੈਸ਼ਨਲ ਨਿਊਬੌਰਨ ਵੀਕ’ ਦੀ ਸ਼ੁਰੂਆਤ ਕੀਤੀ ਗਈ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਬਾਰੇ ਜਾਗਰੂਕਤਾ ਵੀਡੀਓ ਜਾਰੀ ਕੀਤੀ ਗਈ। ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਮਰੀਜ਼ਾਂ ਦੇ ਫੀਡਬੈਕ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੈਡੀਕੋ-ਲੀਗਲ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ‘ਮੈਡੀਕੋ-ਲੀਗਲ ਮੈਨੂਅਲ’ ਵੀ ਜਾਰੀ ਕੀਤਾ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH