
ਖਰੜ, 18 ਨਵੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ‘ਜਿੱਥੇ ਹਨ, ਜਿਵੇਂ ਹਨ’ ਦੇ ਆਧਾਰ ’ਤੇ ਰੈਗੂਲਰ ਕਰਨ ਲਈ ਇਕਮੁਸ਼ਤ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਲੋਨੀਆਂ ਵਿੱਚ ਜਾਇਦਾਦ ਦੀ ਖਰੀਦ-ਵੇਚ ਲਈ ਐਨਓਸੀ ਦੀ ਲਾਜ਼ਮੀ ਸ਼ਰਤ ਖ਼ਤਮ ਕੀਤੀ ਜਾਵੇਗੀ। ਉਨ੍ਹਾਂ ਐਨਓਸੀ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਖ਼ਤਮ ਕਰਨ ਦਾ ਵਾਅਦਾ ਕੀਤਾ।
ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੈੜਾ ਦੀ ਪਹਿਲਕਦਮੀ ’ਤੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਹੋਏ ਵਿਚਾਰ-ਵਟਾਂਦਰੇ ਦੌਰਾਨ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਨਕਸ਼ਿਆਂ ਦੀ ਪ੍ਰਵਾਨਗੀ ਸਮੇਤ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਨਵੇਂ ਬਣਾਏ ਜਾਣ ਵਾਲੇ ‘ਬਿਲਡ ਪੰਜਾਬ’ ਵਿਭਾਗ ਰਾਹੀਂ ਇਕ ਮਹੀਨੇ ਦੇ ਅੰਦਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਚਾਰਜਿਜ਼ ਸਮੇਤ ਸਾਰੇ ਟੈਕਸਾਂ ਨੂੰ ਤਰਕਸੰਗਤ ਬਣਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਨ੍ਹਾਂ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸੀਵਰੇਜ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਨਹੀਂ ਹਨ, ਉਨ੍ਹਾਂ ਨੂੰ ਸਰਕਾਰ ਆਪਣੇ ਕੰਟਰੋਲ ਹੇਠ ਲੈ ਕੇ ਇਹ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟਾਂ ਦੇ ਡਿਵੈਲਪਰਾਂ ਨਾਲ ਸਰਕਾਰ ਖੁਦ ਨਜਿੱਠੇਗੀ, ਤਾਂ ਜੋ ਵਸਨੀਕਾਂ ਨੂੰ ਮਨਜ਼ੂਰਸ਼ੁਦਾ ਕਲੋਨੀ ਨਾ ਹੋਣ ਕਾਰਨ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਬਾਦਲ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਯੋਜਨਾ ਮੁੜ ਲਾਗੂ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰਾਂ ਨੂੰ ਸਾਲਾਨਾ ਸਿਰਫ਼ 1000 ਰੁਪਏ ਇਕਮੁਸ਼ਤ ਜੀਐੱਸਟੀ ਦੇਣਾ ਪਵੇਗਾ ਅਤੇ ਉਨ੍ਹਾਂ ਨੂੰ ਵਹੀ-ਖਾਤੇ ਰੱਖਣ ਦੀ ਲੋੜ ਨਹੀਂ ਹੋਵੇਗੀ। ਵੱਡੇ ਵਪਾਰੀਆਂ ਨੂੰ ਸਵੈ-ਘੋਸ਼ਣਾ ਪੱਤਰ ਦੇਣ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਨਾਗਰਿਕਾਂ ’ਤੇ ਭਰੋਸਾ ਕਰਨਾ ਚਾਹੀਦਾ ਹੈ ਅਤੇ ਵਪਾਰੀਆਂ ਦੇ ਮਨਾਂ ਵਿੱਚੋਂ ਸਰਕਾਰੀ ਅਧਿਕਾਰੀਆਂ ਸਬੰਧੀ ਡਰ ਦੂਰ ਕਰਨਾ ਚਾਹੀਦਾ ਹੈ।
ਮੀਟਿੰਗ ਦੌਰਾਨ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਡਾ. ਜਯੋਤੀ ਲਾਲ ਭਾਰਦਵਾਜ, ਖਰੜ ਆੜ੍ਹਤੀ ਐਸੋਸੀਏਸ਼ਨ ਦੇ ਸੁਨੀਲ ਅਗਰਵਾਲ ਅਤੇ ਕੁਰਾਲੀ ਮੰਡੀ ਦੇ ਬਿੱਟੂ ਖੁੱਲਰ ਨੇ ਆਪਣੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਰਜਿਸਟਰੀ ਦਰਾਂ ਘਟਾਉਣ ਅਤੇ ਕੁਰਾਲੀ ਮੰਡੀ ਵਿੱਚ ਇਕ ਹੋਰ ਫੜ ਬਣਾਉਣ ਦੀ ਮੰਗ ਕੀਤੀ। ਚਨਾਲੋਂ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਏ.ਐੱਲ. ਚੌਧਰੀ ਨੇ ਰੱਦ ਸੂਚੀ ਵਿੱਚ ਸ਼ਾਮਲ ਫੈਕਟਰੀਆਂ ਨੂੰ ਨਿਯਮਤ ਕਰਨ ਅਤੇ ਫੋਕਲ ਪੁਆਇੰਟ ਵਿੱਚ ਸੀਵਰੇਜ ਤੇ ਸੜਕੀ ਬੁਨਿਆਦੀ ਢਾਂਚਾ ਸੁਧਾਰਨ ਦੀ ਮੰਗ ਉਠਾਈ।
ਵਪਾਰੀਆਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਦੂਰਅੰਦੇਸ਼ੀ ਸੋਚ ਵਾਲੀ ਅਗਵਾਈ ਜ਼ਰੂਰੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਚੁੱਕੇ ਅਤੇ ਨਿਊ ਚੰਡੀਗੜ੍ਹ ਦੇ ਵਿਕਾਸ ਵਿੱਚ ਆਪਣੀ ਸਰਕਾਰ ਦੀ ਭੂਮਿਕਾ ਦਾ ਜ਼ਿਕਰ ਕੀਤਾ।
ਇਸ ਦੌਰਾਨ ਕੁਰਾਲੀ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਟੈਕਸ ਵਿਭਾਗ ਦੀਆਂ ਮੋਬਾਈਲ ਟੀਮਾਂ ਵੱਲੋਂ ਕਥਿਤ ਤੌਰ ’ਤੇ ਵਪਾਰੀਆਂ ਨੂੰ ਧਮਕਾਉਣ ਅਤੇ ਭਾਰੀ ਜੁਰਮਾਨੇ ਲਗਾਉਣ ਦੀਆਂ ਸ਼ਿਕਾਇਤਾਂ ਕੀਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਔਰਤਾਂ ਲਈ ਐਲਾਨੀ ਵਿੱਤੀ ਸਹਾਇਤਾ ਯੋਜਨਾ ਲਈ ਫੰਡ ਇਕੱਠੇ ਕਰਨ ਵਾਸਤੇ ਵਪਾਰੀਆਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਬਾਦਲ ਨੇ ਇਨ੍ਹਾਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਅਜਿਹੀਆਂ ਕਾਰਵਾਈਆਂ ਬੰਦ ਕੀਤੀਆਂ ਜਾਣਗੀਆਂ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਕਦਮ ਚੁੱਕੇ ਜਾਣਗੇ।
ਅਖੀਰ ਵਿੱਚ ਬਾਦਲ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਅਤੇ ਰਵਿੰਦਰ ਸਿੰਘ ਖੈੜਾ ਨੂੰ ਖਰੜ ਤੋਂ ਵਿਧਾਇਕ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੈੜਾ ਲੋਕਾਂ ਦੇ ਮਸਲਿਆਂ ਦੀ ਮਜ਼ਬੂਤੀ ਨਾਲ ਪੈਰਵੀ ਕਰਨਗੇ। ਇਸ ਮੌਕੇ ਐਨ.ਕੇ. ਸ਼ਰਮਾ, ਰਵਿੰਦਰ ਸਿੰਘ ਖੈੜਾ, ਪਰਮਿੰਦਰ ਸਿੰਘ ਸੋਹਣਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH