ਪਸ਼ੂ ਸਿਹਤ ਸੰਭਾਲ ਲਈ ਮਾਨ ਸਰਕਾਰ ਨੇ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਖੁੱਡੀਆਂ
ਪਸ਼ੂ ਪਾਲਣ ਵਿਭਾਗ ਨੂੰ ਮਜ਼ਬੂਤ ਕਰਨ ਲਈ 579 ਵੈਟਰਨਰੀ ਇੰਸਪੈਕਟਰਾਂ ਸਮੇਤ ਵੱਖ-ਵੱਖ ਅਹੁਦਿਆਂ ’ਤੇ ਵੀ ਕੀਤੀ ਨਿਯੁਕਤੀ ਚੰਡੀਗੜ੍ਹ, 19 ਨਵੰਬਰ (ਹਿੰ.ਸ.)| ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ’ਤੇ
ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਪਸ਼ੂ ਪਾਲਣ ਵਿਭਾਗ ਨੂੰ ਮਜ਼ਬੂਤ ਕਰਨ ਲਈ 579 ਵੈਟਰਨਰੀ ਇੰਸਪੈਕਟਰਾਂ ਸਮੇਤ ਵੱਖ-ਵੱਖ ਅਹੁਦਿਆਂ ’ਤੇ ਵੀ ਕੀਤੀ ਨਿਯੁਕਤੀ

ਚੰਡੀਗੜ੍ਹ, 19 ਨਵੰਬਰ (ਹਿੰ.ਸ.)| ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਭਰਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਹੁਣ ਤੱਕ 625 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 579 ਵੈਟਰਨਰੀ ਇੰਸਪੈਕਟਰਾਂ ਅਤੇ ਹੋਰ ਸਹਾਇਕ ਅਮਲੇ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਮੰਤਰੀ ਨੇ ਅੱਜ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਵਿਭਾਗ ਵਿੱਚ ਵੱਡੀ ਅਤੇ ਬਹੁ-ਪੱਧਰੀ ਭਰਤੀ ਮੁਹਿੰਮ ਚਲਾਈ ਹੈ, ਜਿਸ ਨਾਲ ਸੂਬੇ ਭਰ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਸੇਵਾਵਾਂ ਦਾ ਦਾਇਰਾ ਵਧਿਆ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 625 ਵੈਟਰਨਰੀ ਅਫ਼ਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਤੋਂ ਇਲਾਵਾ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਪ੍ਰਸ਼ਾਸਕੀ, ਤਕਨੀਕੀ ਅਤੇ ਸਹਾਇਕ ਅਹੁਦਿਆਂ ’ਤੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਮੁੱਖ ਦਫ਼ਤਰ ਵਿਖੇ ਕਲਰਕਾਂ ਦੀਆਂ 17 ਅਸਾਮੀਆਂ, ਦੋ ਮਿਲਕ ਰਿਕਾਰਡਰ, ਸੱਤ ਲੈਬ ਸਹਾਇਕ, ਸੱਤ ਕੰਪਿਊਟਰ ਆਪਰੇਟਰ/ਇਨਿਊਮੀਰੇਟਰ/ਪੰਚਰ, ਇੱਕ ਮਸ਼ੀਨ ਆਪਰੇਟਰ, ਇੱਕ ਇਨਕਿਊਬੇਟਰ ਆਪਰੇਟਰ, ਦੋ ਲੀਗਲ ਕਲਰਕ ਅਤੇ ਅੱਠ ਸਟੈਨੋਟਾਈਪਿਸਟਾਂ ਦੀਆਂ ਅਸਾਮੀਆਂ ਸ਼ਾਮਲ ਹਨ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਉਨ੍ਹਾਂ ਨੂੰ ਪੂਰੀ ਲਗਨ, ਪੇਸ਼ੇਵਰਾਨਾ ਢੰਗ ਅਤੇ ਇਮਾਨਦਾਰੀ ਨਾਲ ਕਿਸਾਨਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਹੈ ਕਿ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣ, ਤਾਂ ਜੋ ਪੰਜਾਬ ਦਾ ਕੋਈ ਵੀ ਕਿਸਾਨ ਸਮੇਂ ਸਿਰ ਪਸ਼ੂ ਡਾਕਟਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਪਸ਼ੂ ਧਨ ਪੰਜਾਬ ਦੀ ਪੇਂਡੂ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹੈ। ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਪ੍ਰਸ਼ਾਸਕੀ ਅਮਲੇ ਦੀ ਭਰਤੀ ਨਾਲ ਵਿਭਾਗ ਦਾ ਜ਼ਮੀਨੀ ਪੱਧਰ ਤੱਕ ਨੈੱਟਵਰਕ ਮਜ਼ਬੂਤ ਹੋਵੇਗਾ। ਇਸ ਨਾਲ ਪਸ਼ੂਆਂ ਨੂੰ ਬਿਹਤਰ ਡਾਕਟਰੀ ਸੇਵਾਵਾਂ ਮਿਲਣਗੀਆਂ, ਡੇਅਰੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚੇਗਾ।

ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਖੇਤਰ ਨੂੰ ਮਜ਼ਬੂਤ ਕਰਨਾ ਪੇਂਡੂ ਆਰਥਿਕਤਾ ਦੇ ਵਿਕਾਸ ਲਈ ਅਹਿਮ ਹੈ। ਨਵੇਂ ਅਧਿਕਾਰੀਆਂ ਦੀ ਤਾਇਨਾਤੀ ਨਾਲ ਪਸ਼ੂਆਂ ਦੇ ਇਲਾਜ, ਸਿਹਤ ਸੰਭਾਲ ਅਤੇ ਕਿਸਾਨਾਂ ਨੂੰ ਤਕਨੀਕੀ ਸਹਾਇਤਾ ਦੇਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande