
ਸੁਖਬੀਰ ਬਾਦਲ ਨੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੂੰ ਪਾਰਟੀ ਦੀ ਹਮਾਇਤ ਕਰਨ ਦੀ ਕੀਤੀ ਅਪੀਲ, ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 02 ਨਵੰਬਰ (ਹਿੰ.ਸ.)| ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਹੁਲਾਰਾ ਮਿਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।
ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਯੂਨੀਅਨ ਨੇ ਤਿੰਨ ਮਹੀਨਿਆਂ ਤੱਕ ਵਿਚਾਰ-ਵਟਾਂਦਰਾ ਕੀਤਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਵਿਚਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਕਾਲੀ ਦਲ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕਿਸਾਨਾਂ ਲਈ ਸਪੱਸ਼ਟ ਨੀਤੀ ਅਤੇ ਏਜੰਡਾ ਨਜ਼ਰ ਨਹੀਂ ਆਇਆ।
ਕਾਦੀਆਂ ਨੇ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨਾਂ ਪ੍ਰਤੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਯੂਨੀਅਨ ਨਾਲ ਕੀਤੇ ਲਿਖਤੀ ਸਮਝੌਤੇ ਨੂੰ ਵੀ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ, ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨਾਲ ਜੁੜੇ ਮਾਮਲਿਆਂ ਅਤੇ ਹੜ੍ਹਾਂ ਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਅਤੇ ਕਰੀਬ ਛੇ ਮਹੀਨੇ ਪਹਿਲਾਂ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ, ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਮੁਤਾਬਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ।
ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਵਿੱਚ ਅਟਾਰੀ-ਵਾਹਗਾ ਸਰਹੱਦ ਰਾਹੀਂ ਕੇਂਦਰੀ ਏਸ਼ੀਆਈ ਦੇਸ਼ਾਂ ਨਾਲ ਵਪਾਰ ਸ਼ੁਰੂ ਕਰਨ ਲਈ ਸਰਹੱਦ ਖੋਲ੍ਹਣ, ਫ਼ਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਕਣਕ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ, ਫ਼ਸਲ ਬੀਮਾ ਯੋਜਨਾ ਲਾਗੂ ਕਰਨ ਅਤੇ ਬਾਹਰਲੇ ਲੋਕਾਂ ਵੱਲੋਂ ਪੰਜਾਬ ਵਿੱਚ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਧੰਨਵਾਦ ਕਰਦਿਆਂ ਸੂਬੇ ਦੀਆਂ ਹੋਰ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਵੀ ਅਕਾਲੀ ਦਲ ਦੀ ਹਮਾਇਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਯੂਨੀਅਨ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕਦਮ ਚੁੱਕੇ ਜਾਣਗੇ।
ਬਾਦਲ ਨੇ ਯੂਨੀਅਨ ਦੇ ਸੰਸਥਾਪਕ ਆਗੂ ਪ੍ਰਤਾਪ ਸਿੰਘ ਕਾਦੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ 1968 ਵਿੱਚ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
ਪ੍ਰੈੱਸ ਕਾਨਫਰੰਸ ਦੌਰਾਨ 'ਆਪ' ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ 'ਤੇ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਈ ਵਿਧਾਇਕ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਆਪਣੇ ਆਪ ਨੂੰ ਪਾਰਟੀ ਵੱਲੋਂ ਠੱਗਿਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ 2027 ਦੀਆਂ ਚੋਣਾਂ ਵਿੱਚ ਧੂਰੀ ਹਲਕੇ ਤੋਂ ਵੀ ਹਾਰਨਗੇ। ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਅਤੇ ਇਸ ਦੇ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਤੋਂ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੇ ਸਕੱਤਰ ਜਨਰਲ ਭੁਪਿੰਦਰ ਸਿੰਘ ਭੰਨਪੁਰਾ, ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH