
ਅੰਮ੍ਰਿਤਸਰ, 02 ਨਵੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ ਸਟਰਾਂਗ ਰੂਮਾਂ ਦਾ ਸਾਂਝਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਅਧਿਕਾਰੀਆਂ ਨੇ ਵਿਧਾਨ ਸਭਾ ਹਲਕਾ ਅਟਾਰੀ ਦੇ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ, ਰਾਜਾ ਸਾਂਸੀ ਦੇ ਸਰਕਾਰੀ ਨਰਸਿੰਗ ਕਾਲਜ, ਮਜੀਠਾ ਦੇ ਮਾਈ ਭਾਗੋ ਪੌਲੀਟੈਕਨਿਕ ਕਾਲਜ ਫਾਰ ਗਰਲਜ਼ ਅਤੇ ਅੰਮ੍ਰਿਤਸਰ ਉੱਤਰੀ ਦੇ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟਸ ਟੈਕਨਾਲੋਜੀ ਵਿਖੇ ਸਥਿਤ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ।
ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਦੇ ਸਰਕਾਰੀ ਆਈ.ਟੀ.ਆਈ., ਜੰਡਿਆਲਾ ਦੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਪੱਛਮੀ ਦੇ ਸਰਕਾਰੀ ਪੌਲੀਟੈਕਨਿਕ ਕਾਲਜ, ਅੰਮ੍ਰਿਤਸਰ ਦੱਖਣੀ ਦੇ ਸਾਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ ਅਤੇ ਅੰਮ੍ਰਿਤਸਰ ਪੂਰਬੀ ਦੇ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ, ਲੋੜੀਂਦੀਆਂ ਬੁਨਿਆਦੀ ਸਹੂਲਤਾਂ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਸਟਰਾਂਗ ਰੂਮਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਹਰ ਪ੍ਰਬੰਧ ਵਿੱਚ ਸੁਰੱਖਿਆ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਉੱਚ ਮਿਆਰ ਕਾਇਮ ਰੱਖੇ ਜਾਣ।
ਦੋਵਾਂ ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ / GURSHARAN SINGH