
45,156 ਏਕੜ ਰਕਬੇ ਵਿੱਚ ਹੋ ਰਹੀ ਮੱਛੀ ਪਾਲਣ; 16 ਸਰਕਾਰੀ ਫਾਰਮ ਸਾਲਾਨਾ ਪੈਦਾ ਕਰ ਰਹੇ 18 ਕਰੋੜ ਮੱਛੀ ਪੂੰਗ
ਚੰਡੀਗੜ੍ਹ, 20 ਨਵੰਬਰ (ਹਿੰ.ਸ.)| ਪੰਜਾਬ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਵਿੱਚ ਸਾਲਾਨਾ ਮੱਛੀ ਉਤਪਾਦਨ 2.11 ਲੱਖ ਟਨ ਤੱਕ ਪਹੁੰਚ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ਵ ਮੱਛੀ ਪਾਲਣ ਦਿਵਸ ਦੀ ਪੂਰਵ ਸੰਧਿਆ ਮੌਕੇ ਦਿੱਤੀ।
ਉਨ੍ਹਾਂ ਕਿਸਾਨਾਂ, ਮੱਛੀ ਪਾਲਕਾਂ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੱਛੀ ਪਾਲਣ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਉਣ ਦਾ ਸਾਧਨ ਹੈ, ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਲਗਭਗ 45,156 ਏਕੜ ਰਕਬੇ ਵਿੱਚ ਮੱਛੀ ਪਾਲਣ ਕੀਤਾ ਜਾ ਰਿਹਾ ਹੈ। ਸੂਬੇ ਦੇ 16 ਸਰਕਾਰੀ ਮੱਛੀ ਫਾਰਮ ਹਰ ਸਾਲ ਕਰੀਬ 18 ਕਰੋੜ ਮੱਛੀ ਪੂੰਗ ਪੈਦਾ ਕਰ ਰਹੇ ਹਨ, ਜਿਸ ਨਾਲ ਮੱਛੀ ਪਾਲਕਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਵਿੱਚ ਮਦਦ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਝੀਂਗਾ ਪਾਲਣ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ ਹੁਣ ਤੱਕ 1,033.51 ਹੈਕਟੇਅਰ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਖ਼ਾਸ ਕਰਕੇ ਖਾਰੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ ਇਹ ਆਮਦਨ ਦਾ ਨਵਾਂ ਸਾਧਨ ਬਣ ਰਿਹਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਤਹਿਤ ਪੰਜਾਬ ਦੇ 867 ਲਾਭਪਾਤਰੀਆਂ ਨੂੰ ਹੁਣ ਤੱਕ 39.28 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਇਸ ਯੋਜਨਾ ਤਹਿਤ ਆਮ ਯੋਗ ਲਾਭਪਾਤਰੀਆਂ ਨੂੰ 40 ਫ਼ੀਸਦੀ ਅਤੇ ਔਰਤਾਂ ਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਮੱਛੀ ਦੇ ਬੀਜ ਛੱਡ ਕੇ ਜਲ-ਜੀਵ ਵਿਭਿੰਨਤਾ ਦੀ ਸੰਭਾਲ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਮੰਤਰੀ ਨੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਅਤੇ ਝੀਂਗਾ ਪਾਲਣ ਵਰਗੇ ਸਹਾਇਕ ਕਿੱਤੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਅਤੇ ਲਾਹੇਵੰਦ ਬਣਾਉਣ ਲਈ ਵਿੱਤੀ ਸਹਾਇਤਾ ਅਤੇ ਤਕਨੀਕੀ ਸਹਿਯੋਗ ਜਾਰੀ ਰੱਖੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH