
ਚੰਡੀਗੜ੍ਹ, 20 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਲਈ ਅਪਣਾਈ ਗਈ ਰਣਨੀਤੀ ਨੂੰ ਰਾਸ਼ਟਰੀ ਪੱਧਰ ’ਤੇ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਕਰਵਾਏ ਗਏ ‘ਸਮਾਵੇਸ਼ੀ ਨੀਤੀ ਸੰਕਲਪ-2026’ ਸਮਿਟ ਵਿੱਚ ਪੰਜਾਬ ਦੇ ਨਸ਼ਾ ਵਿਰੋਧੀ ਮਾਡਲ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਮਿਟ ਦੌਰਾਨ ‘ਨਸ਼ਾ ਮੁਕਤ ਭਾਰਤ ਲਈ ਨਸ਼ਿਆਂ ਦੀ ਰੋਕਥਾਮ ਅਤੇ ਮੰਗ ਵਿੱਚ ਕਮੀ ਲਈ ਨਵੀਂ ਸੋਚ’ ਵਿਸ਼ੇ ’ਤੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰੀ ਰੋਕਣ ਤੱਕ ਸੀਮਤ ਨਹੀਂ ਹੈ, ਸਗੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ, ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੀ ਵੀ ਲੋੜ ਹੈ।
ਉਨ੍ਹਾਂ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਸਰਕਾਰੀ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਇਲਾਜ, ਪੁਨਰਵਾਸ ਅਤੇ ਜਾਗਰੂਕਤਾ ’ਤੇ ਵੀ ਧਿਆਨ ਦੇ ਰਹੀ ਹੈ।
ਮੰਤਰੀ ਅਨੁਸਾਰ ਹੁਣ ਤੱਕ ਲਗਭਗ 66,000 ਐਨ.ਡੀ.ਪੀ.ਐਸ. ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 90 ਫੀਸਦੀ ਸਜ਼ਾ ਦਰ ਹਾਸਲ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 12,000 ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 547 ਓ.ਓ.ਏ.ਟੀ. ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਲਗਭਗ 3.2 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਸਲਾਹ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਲਾਜ ਲਈ ਮਹੀਨਾਵਾਰ ਦਾਖ਼ਲਿਆਂ ਦੀ ਗਿਣਤੀ ਵੀ 3,000 ਤੋਂ ਵੱਧ ਹੋ ਗਈ ਹੈ।
ਡਾ. ਬਲਜੀਤ ਕੌਰ ਨੇ ‘ਸੂਰਮਾ’ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋ ਸਾਲ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਨੂੰ ਪ੍ਰੇਰਕ ਵਜੋਂ ਸਕੂਲਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਤਜਰਬੇ ਸਾਂਝੇ ਕਰਕੇ ਹੋਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਸਕਣ।
ਉਨ੍ਹਾਂ ਦੱਸਿਆ ਕਿ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮ ਤਹਿਤ 15,000 ਤੋਂ ਵੱਧ ਪਿੰਡ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ 1.25 ਲੱਖ ਮੈਂਬਰ ਸ਼ਾਮਲ ਹਨ। ਇਨ੍ਹਾਂ ਦੀਆਂ ਸੂਚਨਾਵਾਂ ਦੇ ਆਧਾਰ ’ਤੇ 4,338 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਸਿੱਖਿਆ ਦੇ ਖੇਤਰ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਲਈ 3,600 ਤੋਂ ਵੱਧ ਸਕੂਲਾਂ ਦੇ 7.5 ਲੱਖ ਵਿਦਿਆਰਥੀਆਂ ਨੂੰ ਜੋੜਿਆ ਗਿਆ ਹੈ। ਇਸ ਤੋਂ ਇਲਾਵਾ 30,000 ਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 40 ਕਾਲਜਾਂ ਵਿੱਚ ‘ਸੰਗਤ ਕਲੱਬ’ ਸਥਾਪਤ ਕੀਤੇ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 3,100 ਪਿੰਡਾਂ ਵਿੱਚ ਖੇਡ ਮੈਦਾਨ ਵਿਕਸਤ ਕਰਨ ਵਾਸਤੇ 1,500 ਕਰੋੜ ਰੁਪਏ ਦਾ ਉਪਰਾਲਾ ਕੀਤਾ ਗਿਆ ਹੈ। ਖੇਡ ਕੋਚਾਂ ਦੀ ਗਿਣਤੀ ਵੀ 500 ਤੋਂ ਵਧਾ ਕੇ 2,458 ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 20 ਜੇਲ੍ਹਾਂ ਵਿੱਚ ਓ.ਓ.ਏ.ਟੀ. ਕਲੀਨਿਕ ਚਲਾਏ ਜਾ ਰਹੇ ਹਨ ਅਤੇ 25,000 ਕੈਦੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ‘ਸੇਫ ਪੰਜਾਬ’ ਵਟਸਐਪ ਚੈਟਬੋਟ ਰਾਹੀਂ ਪ੍ਰਾਪਤ 56,578 ਸੂਚਨਾਵਾਂ ਵਿੱਚੋਂ 20,875 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ, ਮਨੁੱਖੀ ਪਹੁੰਚ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH