ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚਾਰ ਸ਼ਹਿਰਾਂ 'ਚ ਰੈਲੀਆਂ, ਲੁਧਿਆਣਾ ਦੇ ਕਿਸਾਨ ਪਟਿਆਲਾ ਰੈਲੀ 'ਚ ਕਰਨਗੇ ਸ਼ਮੂਲੀਅਤ
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਦਾ ਐਲਾਨ, ਕਿਸਾਨਾਂ ਨੇ ਮੰਗਾਂ ਲਾਗੂ ਕਰਨ ਦੀ ਕੀਤੀ ਮੰਗ ਲੁਧਿਆਣਾ, 21 ਨਵੰਬਰ (ਹਿੰ.ਸ.)| ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੂਬੇ ਦੇ ਚਾਰ ਸ
ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚਾਰ ਸ਼ਹਿਰਾਂ 'ਚ ਰੈਲੀਆਂ, ਲੁਧਿਆਣਾ ਦੇ ਕਿਸਾਨ ਪਟਿਆਲਾ ਰੈਲੀ 'ਚ ਕਰਨਗੇ ਸ਼ਮੂਲੀਅਤ


ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਦਾ ਐਲਾਨ, ਕਿਸਾਨਾਂ ਨੇ ਮੰਗਾਂ ਲਾਗੂ ਕਰਨ ਦੀ ਕੀਤੀ ਮੰਗ

ਲੁਧਿਆਣਾ, 21 ਨਵੰਬਰ (ਹਿੰ.ਸ.)| ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੂਬੇ ਦੇ ਚਾਰ ਸ਼ਹਿਰਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਲੁਧਿਆਣਾ ਜ਼ਿਲ੍ਹਾ ਇਕਾਈ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਇਸ ਸਬੰਧੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਬਲਾਕ ਕਮੇਟੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ ਇਨ੍ਹਾਂ ਰੈਲੀਆਂ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਉਠਾਈ ਜਾਵੇਗੀ।

ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ 26 ਨਵੰਬਰ ਨੂੰ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਨਵੀਂ ਖੇਤੀਬਾੜੀ ਨੀਤੀ ਲਾਗੂ ਕਰਨਾ, ਬਿਜਲੀ ਐਕਟ ਅਤੇ ਪ੍ਰਦੂਸ਼ਣ ਐਕਟ ਰੱਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕਰਨ ਦੀ ਮੰਗ ਵੀ ਰੈਲੀਆਂ ਦੌਰਾਨ ਉਠਾਈ ਜਾਵੇਗੀ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਮੁਆਵਜ਼ੇ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।

ਮੀਟਿੰਗ ਦੌਰਾਨ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਫ਼ਸਲੀ ਚੱਕਰ ਵਿੱਚ ਤਬਦੀਲੀ ਨੂੰ ਉਤਸ਼ਾਹਿਤ ਕਰਨ, ਰਸਾਇਣਕ ਖਾਦਾਂ ਦੀ ਸਪਲਾਈ ਵਧਾਉਣ ਅਤੇ ਸਹਿਕਾਰੀ ਸਭਾਵਾਂ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਰੋਕਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਅਹਿਮ ਫ਼ੈਸਲਾ ਲਿਆ ਗਿਆ। ਸੂਬਾ ਕਮੇਟੀ ਦੀ ਨੀਤੀ ਨਾਲ ਸਹਿਮਤੀ ਪ੍ਰਗਟ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਹੀਂ ਕਰੇਗੀ ਅਤੇ ਜਥੇਬੰਦੀ ਦਾ ਮੁੱਖ ਧਿਆਨ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ 'ਤੇ ਰਹੇਗਾ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਜਥੇਬੰਦੀ ਦਾ ਕੋਈ ਵੀ ਅਹੁਦੇਦਾਰ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਂਦਾ ਹੈ ਤਾਂ ਉਸ ਖ਼ਿਲਾਫ਼ ਜਥੇਬੰਦਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਬਲਾਕਾਂ ਵਿੱਚ ਮੀਟਿੰਗਾਂ ਕਰਨ ਅਤੇ ਵੱਡੇ ਪੱਧਰ 'ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਕਰਮਜੀਤ ਸਿੰਘ ਕਾਉਂਕੇ, ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ, ਅਜੀਤ ਸਿੰਘ ਧਾਂਦਰਾ, ਹਰਬੰਸ ਸਿੰਘ ਬੀਰਮੀ, ਤਰਸੇਮ ਸਿੰਘ ਬੱਸੂਵਾਲ, ਸਰਬਜੀਤ ਸਿੰਘ ਧੂੜਕੋਟ, ਜਸਪਾਲ ਸਿੰਘ ਗਰੇਵਾਲ ਆਂਡਲੂ, ਲਖਵਿੰਦਰ ਸਿੰਘ ਪੱਖੋਵਾਲ ਅਤੇ ਕੁਲਦੀਪ ਸਿੰਘ ਰੱਤੋਵਾਲ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande