
ਹਰਭਜਨ ਸਿੰਘ ਈਟੀਓ ਨੇ ਪਿੰਡ ਮੁੱਛਲ ਤੋਂ ਬੱਸ ਨੂੰ ਹਰੀ ਝੰਡੀ ਦਿਖਾਈ; ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਣਾ ਸ਼ਲਾਘਾਯੋਗ ਉਪਰਾਲਾ ਕਰਾਰ
ਅੰਮ੍ਰਿਤਸਰ, 22 ਨਵੰਬਰ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮੁੱਛਲ ਤੋਂ 97ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋਕ-ਪੱਖੀ ਯੋਜਨਾਵਾਂ ਨੂੰ ਅੱਗੇ ਵਧਾ ਰਹੀ ਹੈ। ਇਸ ਯੋਜਨਾ ਦਾ ਮੁੱਖ ਮਕਸਦ ਬਜ਼ੁਰਗਾਂ ਸਮੇਤ ਹਰ ਵਰਗ ਦੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਉਹ ਆਪਣੀਆਂ ਧਾਰਮਿਕ ਇੱਛਾਵਾਂ ਪੂਰੀਆਂ ਕਰ ਸਕਦੇ ਹਨ। ਇਸ ਮੌਕੇ ਸਬੰਧਤ ਪਿੰਡ ਦੇ ਪੰਚਾਂ-ਸਰਪੰਚਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH