
ਬਿਹਾਰ ਸਰਕਾਰ ਦੇ ਫੈਸਲੇ ਨੂੰ ਦੱਸਿਆ ਮੰਦਭਾਗਾ, ਕਿਹਾ- ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚੀ ਠੇਸ
ਚੰਡੀਗੜ੍ਹ, 22 ਨਵੰਬਰ (ਹਿੰ.ਸ.)| ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਛੇ ਮਾਰਗੀ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਮ ’ਤੇ ‘ਨਿਤੀਸ਼ ਸੇਤੂ’ ਰੱਖਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਪਹਿਲਾਂ ਇਸ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦਾ ਪ੍ਰਸਤਾਵ ਸਵੀਕਾਰ ਕੀਤਾ ਗਿਆ ਸੀ। ਇਸ ਪੁਲ ਦੀ ਸਥਿਤੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੇੜੇ ਹੋਣ ਕਾਰਨ ਇਹ ਮੰਗ ਵਿਸ਼ੇਸ਼ ਮਹੱਤਵ ਰੱਖਦੀ ਸੀ। ਪਰ ਬਾਅਦ ਵਿੱਚ ਪੁਲ ਦਾ ਨਾਮ ਇੱਕ ਸਿਆਸੀ ਆਗੂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲੈ ਲਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ, ਧਰਮ, ਕੁਰਬਾਨੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਜੋ ਮਹਾਨ ਯੋਗਦਾਨ ਪਾਇਆ ਹੈ, ਉਹ ਕਿਸੇ ਵੀ ਸਿਆਸੀ ਹੱਦ ਤੋਂ ਉੱਪਰ ਹੈ। ਉਨ੍ਹਾਂ ਦੀ ਵਿਰਾਸਤ ਸਿਰਫ਼ ਸਿੱਖ ਭਾਈਚਾਰੇ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸਾਂਝੀ ਧਰੋਹਰ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੁਲ ਦਾ ਨਾਮ ਗੁਰੂ ਸਾਹਿਬ ਦੇ ਨਾਮ ’ਤੇ ਰੱਖਣ ਦਾ ਪ੍ਰਸਤਾਵ ਪਹਿਲਾਂ ਹੀ ਸਵੀਕਾਰ ਕੀਤਾ ਜਾ ਚੁੱਕਾ ਸੀ ਤਾਂ ਇਸ ਨੂੰ ਬਦਲਣ ਪਿੱਛੇ ਕੀ ਕਾਰਨ ਸੀ? ਉਨ੍ਹਾਂ ਕਿਹਾ ਕਿ ਜਨਤਕ ਬੁਨਿਆਦੀ ਢਾਂਚੇ ਨੂੰ ਸਿਆਸੀ ਪ੍ਰਚਾਰ ਜਾਂ ਚੋਣ ਲਾਭ ਲਈ ਵਰਤਣਾ ਠੀਕ ਨਹੀਂ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿਆਸੀ ਆਗੂਆਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੇ ਹੋਰ ਵੀ ਕਈ ਤਰੀਕੇ ਹੋ ਸਕਦੇ ਹਨ, ਪਰ ਕਿਸੇ ਮਹਾਨ ਧਾਰਮਿਕ ਸ਼ਖ਼ਸੀਅਤ ਦੇ ਨਾਮ ਨੂੰ ਨਜ਼ਰਅੰਦਾਜ਼ ਕਰਨਾ ਸਵੀਕਾਰਯੋਗ ਨਹੀਂ ਹੈ।
ਉਨ੍ਹਾਂ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਕੱਚੀ ਦਰਗਾਹ-ਬਿਦੂਪੁਰ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ, ਤਾਂ ਜੋ ਸਿੱਖ ਸੰਗਤ ਅਤੇ ਦੇਸ਼ ਭਰ ਦੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH