
ਚੰਡੀਗੜ੍ਹ, 22 ਨਵੰਬਰ (ਹਿੰ.ਸ.)| ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਐਤਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿੱਚ ਵਿਸ਼ਾਲ ਯੂਥ ਮੈਰਾਥਨ ਕਰਵਾਈ ਗਈ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 5 ਕਿਲੋਮੀਟਰ ਦੀ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਮੈਰਾਥਨ ਲਈ 1.40 ਲੱਖ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ।
ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕ ਜਾਂ ਤਾਂ ਆਪਣਾ ਧੰਦਾ ਛੱਡ ਦੇਣ ਜਾਂ ਹਰਿਆਣਾ ਛੱਡ ਦੇਣ, ਕਿਉਂਕਿ ਸੂਬੇ ਵਿੱਚ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰ, ਸਕੂਲ, ਹਸਪਤਾਲ ਅਤੇ ਸਮਾਜ ਨੂੰ ਵੀ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਸਰਕਾਰ ਵੱਲੋਂ ‘ਸੰਕਲਪ’ ਸੁਸਾਇਟੀ ਰਾਹੀਂ ਸੱਤ ਮੁੱਖ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚ ਨਸ਼ਾ ਮੁਕਤ ਥਾਣਾ ਖੇਤਰ, ਤਸਕਰ ਮੁਕਤ ਜ਼ਿਲ੍ਹਾ, ਨਸ਼ੀਲੀਆਂ ਗੋਲੀਆਂ ਤੋਂ ਮੁਕਤ ਕੈਮਿਸਟ ਦੁਕਾਨਾਂ, ਪਰਿਵਾਰਕ ਸਹਿਯੋਗ, ਇਲਾਜ ਦੀਆਂ ਸਹੂਲਤਾਂ, ਬਿਹਤਰ ਸਕੂਲ ਅਤੇ ਨੌਜਵਾਨਾਂ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ 1 ਲੱਖ 58 ਹਜ਼ਾਰ 830 ਨਸ਼ਾ ਪੀੜਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ ਹੈ। ਸਰਕਾਰੀ ਮੈਡੀਕਲ ਕਾਲਜਾਂ ਅਤੇ 13 ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਨਸ਼ਾ ਮੁਕਤੀ ਕੇਂਦਰ ਸਥਾਪਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਸਰਗਰਮ ਕੀਤਾ ਗਿਆ ਹੈ। ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਨਸ਼ਿਆਂ ਦੇ ਕਾਰੋਬਾਰ ਤੋਂ ਕਮਾਈਆਂ ਗਈਆਂ 94 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ 180 ਜਾਇਦਾਦਾਂ ਢਾਹੀਆਂ ਗਈਆਂ ਹਨ।
ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ 90508-91508 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਨਸ ਹੈਲਪਲਾਈਨ 1933 ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਰਾਥਨ ਅਨੁਸ਼ਾਸਨ, ਸਬਰ ਅਤੇ ਸਹੀ ਦਿਸ਼ਾ ਵਿੱਚ ਅੱਗੇ ਵਧਣ ਦਾ ਸੰਦੇਸ਼ ਦਿੰਦੀ ਹੈ।
ਇਸ ਮੌਕੇ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੁਦ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਦੋਸਤਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਜਨ ਅੰਦੋਲਨ ਖੜ੍ਹਾ ਕਰਨਾ ਹੋਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH