
2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਲਿਆ ਜਾਇਜ਼ਾ, ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ
ਗੁਰਦਾਸਪੁਰ, 23 ਨਵੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਕੀਤੀ ਜਾ ਰਹੀ ਹੈ। ਇਸੇ ਤਹਿਤ ਜੁਆਇੰਟ ਚੀਫ ਇਲੈਕਟੋਰਲ ਅਫ਼ਸਰ ਪੰਜਾਬ ਸੰਜੀਵ ਸ਼ਰਮਾ ਨੇ ਗੁਰਦਾਸਪੁਰ ਪਹੁੰਚ ਕੇ ਚੈਕਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ 2026 ਤੋਂ ਸ਼ੁਰੂ ਹੋਈ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਸਿਮਰਨ ਸਿੰਘ ਢਿੱਲੋਂ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦੇ ਵੀ ਮੌਜੂਦ ਸਨ।
ਸੰਜੀਵ ਸ਼ਰਮਾ ਨੇ ਕਿਹਾ ਕਿ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾਂਦੀ ਹੈ। ਇਸ ਪੂਰੀ ਪ੍ਰਕਿਰਿਆ ਨੂੰ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਜੁਆਇੰਟ ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਨੂੰ ਸੁਚਾਰੂ, ਵਿਵਸਥਿਤ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਦੇਖ-ਰੇਖ ਹੇਠ ਚੱਲ ਰਹੀ ਇਸ ਪ੍ਰਕਿਰਿਆ ਦੌਰਾਨ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਲਈ ਅਧਿਕਾਰਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨਾਲ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਰੇ ਭਾਈਵਾਲਾਂ ਦਾ ਭਰੋਸਾ ਕਾਇਮ ਰਹੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਮੁੱਚੀ ਚੈਕਿੰਗ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH