
ਫਗਵਾੜਾ, 23 ਨਵੰਬਰ (ਹਿੰ.ਸ.)| ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਬਣਾਏ ਜਾ ਰਹੇ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹਾਲ ਦਾ ਨਿਰਮਾਣ ਅਗਲੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ।
ਮੇਅਰ ਰਾਮਪਾਲ ਉੱਪਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦੀ ਮੌਜੂਦਗੀ ਵਿੱਚ ਡਾ. ਚੱਬੇਵਾਲ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ। ਇਸ ਨਾਲ ਲੋਕਾਂ ਨੂੰ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਇੱਕ ਆਧੁਨਿਕ ਤੇ ਸਮਰਪਿਤ ਸਥਾਨ ਮਿਲੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੂਬੇ ਦੀ ਤਰੱਕੀ ਨੂੰ ਤੇਜ਼ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਕਾਸ ਅਤੇ ਲੋਕ ਭਲਾਈ ਦੇ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹੋਰ ਨਵੇਂ ਉਪਰਾਲੇ ਕੀਤੇ ਜਾਣਗੇ।
ਸੰਸਦ ਮੈਂਬਰ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਸਮਾਜਿਕ ਇਕੱਠਾਂ, ਵਿੱਦਿਅਕ ਪ੍ਰੋਗਰਾਮਾਂ, ਸੱਭਿਆਚਾਰਕ ਸਮਾਗਮਾਂ ਅਤੇ ਜਾਗਰੂਕਤਾ ਮੁਹਿੰਮਾਂ ਲਈ ਸਾਂਝੇ ਮੰਚ ਵਜੋਂ ਕੰਮ ਕਰੇਗਾ। ਇਸ ਨਾਲ ਪਿੰਡ ਵਿੱਚ ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ। ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਵਾਉਣਾ ਸਰਕਾਰ ਦੀ ਪਹਿਲ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH